Dr. Inderbir Singh Nijjar

ਡਾ: ਇੰਦਰਬੀਰ ਸਿੰਘ ਨਿੱਜਰ ਵਲੋਂ ਭੂਮੀ ਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਨਿਰੀਖਣ

ਚੰਡੀਗੜ੍ਹ/ਐਸ.ਏ.ਐਸ.ਨਗਰ 17 ਸਤੰਬਰ 2022: ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਨਿਰੀਖਣ ਕੀਤਾ। ਪੰਜਾਬ ਦੇ ਉੱਤਰੀ ਨੀਮ ਪਹਾੜੀ ਖੇਤਰ ਵਿੱਚ, ਜਿੱਥੇ ਖੇਤੀਬਾੜੀ ਜਿਆਦਾਤਰ ਬਰਸਾਤੀ ਅਧਾਰਤ ਹੈ, ਵਿਭਾਗ ਨੇ ਵਗਦੇ ਪਾਣੀ ਨੂੰ ਇਕੱਠਾ ਕਰਨ ਲਈ ਕਈ ਚੈਕ ਡੈਮ ਬਣਾਏ ਹਨ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਦੁਆਰਾ ਬਦਲਦੇ ਸਮੇਂ ਦੌਰਾਨ ਫਸਲਾਂ ਦੀ ਸਿੰਚਾਈ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ, ਇਹ ਪ੍ਰੋਜੈਕਟ ਮਿੱਟੀ ਦੇ ਕਟੌਤੀ ਨੂੰ ਰੋਕਣ ਅਤੇ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਵਿੱਚ ਵੀ ਮਦਦ ਕਰਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਮੰਤਰੀ ਨੇ ਮੁਹਾਲੀ ਦੇ ਪਿੰਡ ਮਾਜਰੀ ਦੇ ਪੜੌਲ ਅਤੇ ਬੋਰਾਣਾ ਵਿਖੇ ਸਥਿਤ ਮਿੱਟੀ ਦੇ ਚੈਕ ਡੈਮਾਂ ਦਾ ਦੌਰਾ ਕੀਤਾ ਅਤੇ ਪ੍ਰੋਜੈਕਟਾਂ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਵਿਭਾਗ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਚੈਕ ਡੈਮਾਂ ਰਾਹੀਂ ਉਨ੍ਹਾਂ ਨੂੰ ਯਕੀਨੀ ਸਿੰਚਾਈ ਮੁਹੱਈਆ ਕਰਵਾਈ ਜਾਵੇਗੀ।

ਡਾ: ਨਿੱਜਰ ਨੇ ਵੀ ਇਨ੍ਹਾਂ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਡੈਮ ਪਾਣੀ ਦੀ ਸੰਭਾਲ ਦੇ ਨਾਲ-ਨਾਲ ਜਲਗਾਹਾਂ ਵਿੱਚ ਮਿੱਟੀ ਦੀ ਨਮੀ ਦੀ ਵਿਵਸਥਾ ਵਿੱਚ ਸੁਧਾਰ ਕਰਕੇ ਵਾਤਾਵਰਣ ਨੂੰ ਵੀ ਸਹਾਈ ਹੋ ਰਹੇ ਹਨ ਜਿਸ ਨਾਲ ਬਨਸਪਤੀ ਢੱਕਣ ਵਿੱਚ ਵਾਧਾ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਚੈੱਕ ਡੈਮਾਂ ਦੀ ਉਸਾਰੀ ਲਈ ਸਰਕਾਰੀ ਸਕੀਮ 2003-04 ਦੌਰਾਨ ਬੰਦ ਕਰ ਦਿੱਤੀ ਗਈ ਸੀ ਪਰ ਮੰਤਰੀ ਨਿੱਜਰ ਦੇ ਵਿਸ਼ੇਸ਼ ਯਤਨਾਂ ਸਦਕਾ ਕੰਢੀ ਖੇਤਰ ਦੇ ਏਕੀਕ੍ਰਿਤ ਵਿਕਾਸ ਲਈ ਨਵੀਂ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਤਹਿਤ ਅਜਿਹੇ 50 ਨਵੇਂ ਚੈੱਕ ਡੈਮ ਬਣਾਏ ਜਾਣਗੇ।

ਮੰਤਰੀ ਨਿੱਜਰ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀਆਂ ਸਿੰਚਾਈ ਤਕਨੀਕਾਂ ਅਧੀਨ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਸੂਬੇ ਵਿੱਚ ਭਵਿੱਖ ਵਿੱਚ ਆਉਣ ਵਾਲੇ ਪਾਣੀ ਦੇ ਸੰਕਟ ਲਈ ਅਸੀਂ ਆਪਣੇ ਆਪ ਨੂੰ ਤਿਆਰ ਕਰ ਸਕੀਏ।

Scroll to Top