Site icon TheUnmute.com

ਡਾ: ਇੰਦਰਬੀਰ ਸਿੰਘ ਨਿੱਝਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

Dr. Inderbir Singh Nijjar

ਚੰਡੀਗੜ੍ਹ 10 ਜਨਵਰੀ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਵੀ ਹੈ। ਇਸੇ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ।

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਦੇ ਸਕੂਲ ਵਿੱਚ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਗਮ ਵੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਝਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ ਵੱਖ ਗੈਰ ਅਕਾਦਮਿਕ ਮੁਕਾਬਲਿਆ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਡਾ: ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਜਿੰਦਗੀ ਵਿੱਚ ਅੱਗੇ ਵਧਣ ਲਈ ਆਪਣੀ ਸਖਸ਼ੀਅਤ ਨੂੰ ਨਿਖਾਰਨਾਂ ਵੀ ਉਨ੍ਹਾਂ ਨੂੰ ਬਹੁਤ ਅੱਗੇ ਸਫਲਤਾ ਵੱਲ ਲੈ ਕੇ ਜਾਵੇਗਾ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਿਵਹਾਰ ਨੂੰ ਐਨਾ ਚੰਗਾ ਬਣਾਉਣ ਕਿ ਉਨ੍ਹਾਂ ਦਾ ਕਿਰਦਾਰ ਉੱਚਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜੀਹ ਦੇਣ। ਡਾ: ਨਿੱਝਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ ਵੱਖ ਉਪਲੱਬਧੀਆਂ ਲਈ ਮੁਬਾਰਕਬਾਦ ਦਿੱਤੀ।

ਇਸ ਮੌਕੇ ਜ਼ਿਲ੍ਹਾ ਸਿਖਿਆ ਅਫਸਰ ਸੈਕੰਡਰੀ ਜੁਗਰਾਜ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਪੂਰੀ ਮਿਹਨਤ ਕਰਕੇ ਜਿੰਦਗੀ ਦੇ ਇਮਤਿਹਾਨਾਂ ਵਿੱਚ ਸਫਲ ਹੋਣ ਦੀ ਪ੍ਰੇਰਨਾ ਦਿੱਤੀ। ਸਮਾਗਮ ਉਪਰੰਤ ਸਕੂਲ ਸਟਾਫ ਵੱਲੋਂ ਡਾ: ਨਿੱਝਰ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਕੁਆਰਡੀਨੇਟਰ ਮੈਡਮ ਨਰਿੰਦਰ ਕੌਰ, ਦਵਿੰਦਰ ਸਿੰਘ, ਗੁਰਇਕਬਾਲ ਸਿੰਘ, ਮੈਡਮ ਸੁਖਰਾਜ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਭਾਰਤੀ, ਸ਼ਰਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬੱਚਿਆਂ ਦੇ ਮਾਪੇ ਵੀ ਹਾਜਰ ਸਨ।

Exit mobile version