Site icon TheUnmute.com

ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ 519 ਕਰੋੜ ਦੀ ਲਾਗਤ ਵਾਲੇ ਬੁੱਢਾ ਨਾਲਾ ਪ੍ਰਾਜੈਕਟ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼

Rajpura

ਚੰਡੀਗੜ 30 ਅਗਸਤ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਬੁੱਢਾ ਨਾਲਾ (Budha Nala) ਦੇ ਕਾਰਨ ਲੋਕਾਂ ਨੂੰ ਦਰਪੇਸ਼ ਵੱਖ ਵੱਖ ਸਮੱਸਿਆਵਾਂ ਤੋਂ ਛੁਟਕਾਰਾ ਦਵਾਉਣ ਲਈ 519 ਕਰੋੜ ਦੇ ਚੱਲ ਰਹੇ ਪ੍ਰਾਜੈਕਟ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।

ਇਸ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ (Dr. Inderbir Singh Nijjar)  ਨੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਹ ਪ੍ਰਾਜੈਕਟ ਨਿਰਧਾਰਤ ਸਮੇਂ ਵਿੱਚ ਪੂਰਾ ਕਰਨ ਲਈ ਕਿਹਾ ਹੈ ਤਾਂ ਜੋ ਲੁਧਿਆਣਾ ਦੇ ਬੁੱਢਾ ਨਾਲਾ ਨੂੰ ਪੁਨਰਜੀਵੰਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਣ ਦੇਣ ਲਈ ਵਚਨਬੱਧ ਹੈ ਅਤੇ ਇਸ ਕਾਰਜ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਾ. ਨਿੱਜਰ ਨੇ ਕਿਹਾ ਕਿ ਇਸ ਪ੍ਰਾਜੈਕਟ ਦਾ ਮੁੱਖ ਉਦੇਸ਼ ਬੁੱਢਾ ਨਾਲਾ (Budha Nala) ਵਿੱਚ ਕਿਸੇ ਵੀ ਤਰਾਂ ਦਾ ਗੰਦਾ ਪਾਣੀ ਪੈਣ ਤੋਂ ਰੋਕਣਾ ਹੈ। ਇਹ ਗੰਦਾ ਪਾਣੀ ਸੀਵਰੇਜ਼ ਟਰੀਟਮੈਂਟ ਪਲਾਂਟ ਨਾਲ ਸੋਧਿਆ ਜਾਵੇਗਾ। ਇਸ ਦੇ ਨਾਲ ਇੱਕ ਪਾਸੇ ਲੋਕਾਂ ਨੂੰ ਗੰਦੇ ਪਾਣੀ ਤੋਂ ਛੁਟਕਾਰਾ ਮਿਲੇਗਾ ਅਤੇ ਦੂਜੇ ਪਾਸੇ ਇਹ ਸੋਧਿਆ ਗਿਆ ਪਾਣੀ ਖੇਤੀ ਲਈ ਵਰਤਿਆ ਜਾ ਸਕੇਗਾ।

ਡਾ. ਨਿੱਜਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੁਧਿਆਣਾ ਵਿੱਚ ਉਦਯੋਗਾਂ ਦੇ ਵੱਡੀ ਪੱਧਰ ’ਤੇ ਵਧਣ ਕਾਰਨ ਬੁੱਢਾ ਨਾਲਾ ਬੁਰੀ ਤਰਾਂ ਪ੍ਰਦੂਸ਼ਤ ਹੋਇਆ ਹੈ। ਇਨਾਂ ਉਦਯੋਗਾਂ ਦੇ ਰਸਾਇਣ, ਧਾਤ ਅਤੇ ਡੇਅਰੀਆਂ ਦੇ ਬਚੇ-ਖੁਚੇ ਪਦਾਰਥ ਆਦਿ, ਬੁੱਢਾ ਨਾਲਾ ਵਿੱਚ ਪੈਣ ਨਾਲ ਲੋਕਾਂ ਦੇ ਜੀਵਨ ਲਈ ਗੰਭੀਰ ਖਤਰਾ ਪੈਦਾ ਹੋਇਆ। ਇਸ ਤੋਂ ਇਲਾਵਾ ਸੀਵਰੇਜ਼ ਦਾ ਪਾਣੀ ਵੀ ਬੁੱਢੇ ਨਾਲੇ ਵਿੱਚ ਹੀ ਪੈਂਦਾ ਰਿਹਾ ਹੈ। ਇਸ ਕਰਕੇ ਇਹ ਬੁੱਢਾ ਨਾਲਾ ਸਤਲੁਜ ਨਦੀ ਦੇ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਬਣ ਗਿਆ ਹੈ। ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਹੀ ਸੂਬਾ ਸਰਕਾਰ ਨੇ ਬੁੱਢਾ ਨਾਲਾ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪਹਿਲ ਦੇ ਰਹੀ ਹੈ।

Exit mobile version