Dr. Pushpinder Singh Gill

ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਜੋਂ ਅਹੁਦਾ ਸਾਂਭਿਆ

ਪਟਿਆਲਾ, 09 ਫਰਵਰੀ 2026: ਪੰਜਾਬ ਸਰਕਾਰ ਵੱਲੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਨਵੇਂ ਨਿਯੁਕਤ ਕੀਤੇ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਯੂਨੀਵਰਸਿਟੀ ਦੇ ਮਾਲ ਰੋਡ ਵਿਖੇ ਸਥਿਤ ਦਫ਼ਤਰ ਵਿਖੇ ਅਹੁਦਾ ਸਾਂਭਿਆ । ਇਸ ਦੌਰਾਨ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਮੇਤ ਉੱਘੇ ਕਲਾਕਾਰ ਕਰਮਜੀਤ ਅਨਮੋਲ ਸਮੇਤ ਹੋਰ ਸਖ਼ਸ਼ੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਪੁੱਜ ਕੇ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਪੁਸ਼ਪਿੰਦਰ ਸਿੰਘ ਦੀ ਅਗਵਾਈ ‘ਚ ਸਪੋਰਟਸ ਯੂਨੀਵਰਸਿਟੀ ਹੁਣ ਹੋਰ ਬੁਲੰਦੀਆਂ ਛੂਹੇਗੀ।

ਅਹੁਦੇ ਸਾਂਭਣ ਮੌਕੇ ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ | ਉਨ੍ਹਾਂ ਨੇ ਦੱਸਿਆ ਕਿ ਖੇਡਾਂ ਅਤੇ ਖਿਡਾਰੀਆਂ ਨੂੰ ਪ੍ਰਫੁ਼ਲਤ ਕਰਦਿਆਂ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ‘ਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਆਪਣਾ ਯੋਗਦਾਨ ਪਾਵੇਗੀ। ਡਾ. ਪੁਸ਼ਪਿੰਦਰ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖਾਸ ਕਰਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਵਾਈਸ-ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ-ਪਿੰਡ ‘ਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਉਦੇਸ਼ ਦੀ ਪੂਰਤੀ ਲਈ ਸਪੋਰਟਸ ਯੂਨੀਵਰਸਿਟੀ ਆਪਣੀ ਪੂਰੀ ਵਾਹ ਲਗਾਵੇਗੀ। ਉਨ੍ਹਾਂ ਕਿਹਾ ਕਿ ਉਹ ਨਿਜੀ ਤੌਰ ‘ਤੇ ਇੱਕ ਖਿਡਾਰੀ ਵਜੋਂ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਸਰ ਨਹੀਂ ਛੱਡਣਗੇ ਅਤੇ ਉਨ੍ਹਾਂ ਉਪਰ ਪ੍ਰਗਟਾਏ ਭਰੋਸੇ ਉਤੇ ਪੂਰੀ ਤਰ੍ਹਾਂ ਖਰ੍ਹਾ ਉਤਰਨਗੇ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਹੁਤ ਤਜ਼ਰਬੇਕਾਰ ਅਕਾਦਮਿਕ ਹਸਤੀ ਨੂੰ ਪੰਜਾਬ ਸਪੋਰਟਸ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ | ਉਥੇ ਹੀ ਉਹ ਡਾ. ਪੁਸ਼ਪਿੰਦਰ ਸਿੰਘ ਗਿੱਲ ਨੂੰ ਵਧਾਈ ਵੀ ਦਿੰਦੇ ਹਨ, ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਅਨੁਭਵ ਵਾਲੀਆ ਤੇ ਯੂਨੀਵਰਸਿਟੀ ਦੇ ਅਧਿਆਪਨ ਤੇ ਗੈਰ ਅਧਿਆਪਨ ਅਮਲੇ ਨੇ ਡਾ. ਪੁਸ਼ਪਿੰਦਰ ਸਿੰਘ ਗਿੱਲ ਦਾ ਸਵਾਗਤ ਕੀਤਾ।

ਇਸ ਮੌਕੇ ਪਦਮਸ਼੍ਰੀ ਪ੍ਰਾਣ ਸੱਭਰਵਾਲ, ਹਰਕਿਰਨ ਸਿੰਘ ਬੋਪਾਰਾਏ, ਡਾ. ਗੁਰਮੋਹਨ ਸਿੰਘ ਵਾਲੀਆ, ਪੂਟਾ ਦੇ ਪ੍ਰਧਾਨ ਤੇ ਸਕੱਤਰ, ਭੁਪਿੰਦਰ ਸਿੰਘ ਵਿਰਕ, ਡਾ. ਪ੍ਰਭਲੀਨ ਸਿੰਘ, ਡਾ. ਜਤਿੰਦਰ ਸਿੰਘ ਸਿੱਧੂ, ਇੰਦਰਪ੍ਰੀਤ ਸੰਧੂ, ਪੰਜਾਬੀ ਯੂਨੀਵਰਸਿਟੀ ਦੀ ਬਿਜਨੈਸ ਮੈਨੇਜਮੈਂਟ ਵਿਭਾਗ ਦੀ ਫੈਕਲਿਟੀ ਸਮੇਤ ਵੱਡੀ ਗਿਣਤੀ ਅਧਿਆਪਕ ਤੇ ਹੋਰ ਸਖ਼ਸ਼ੀਅਤਾਂ ਮੌਜੂਦ ਸਨ।

Read More: ਪੰਜਾਬ ਐਸਸੀ ਕਮਿਸ਼ਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕੀਤਾ ਤਲਬ, ‘ਆਪ’ ਦਾ ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ

ਵਿਦੇਸ਼

Scroll to Top