ਚੰਡੀਗੜ੍ਹ, 27 ਅਕਤੂਬਰ 2025: ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨਾਲ ਸੰਬੰਧਿਤ ਸਮਾਗਮ ‘ਚ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਕੋਂਗਕਲ ਸੰਗਮਾ ਨੂੰ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸਦੇ ਨਾਲ ਹੀ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ।
ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ‘ਚ ਸੂਬੇ ਭਰ ‘ਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।
ਇਨ੍ਹਾਂ ਸਮਾਗਮਾਂ ਲਈ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੇਘਾਲਿਆ ਤੇ ਪੁਡੂਚੇਰੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਦਾ ਅਮਨ-ਸ਼ਾਂਤੀ, ਆਪਸੀ ਭਾਈਚਾਰਕ ਸਾਂਝ ਅਤੇ ਸਰਬਸਾਂਝੀਵਾਲਤਾ ਦਾ ਸਦੀਵੀ ਸੰਦੇਸ਼ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।
ਡਾ. ਰਵਜੋਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਆਪਕ ਯਾਦਗਾਰੀ ਸਮਾਗਮਾਂ ਸਬੰਧੀ ਚਾਨਣਾ ਪਾਉਂਦਿਆਂ ਦੱਸਿਆ ਕਿ ਗੁਰੂ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਇਹ ਸਮਾਗਮ ਕਰਵਾਏ ਜਾ ਰਹੇ ਹਨ।
ਪੰਜਾਬ ਸਰਕਾਰ ਨੇ ਨੌਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਾਸਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਨਿੱਜੀ ਸੱਦਾ ਦੇਣ ਲਈ ਆਪਣੇ ਕੈਬਨਿਟ ਮੰਤਰੀਆਂ ਨੂੰ ਜ਼ਿੰਮੇਵਾਰੀ ਸੌਂਪੀ ਹੈ। ਕੈਬਨਿਟ ਮੰਤਰੀ ਮੁੱਖ ਮੰਤਰੀ ਦੀ ਤਰਫ਼ੋਂ ਸੱਦਾ ਦੇਣ ਲਈ ਵੱਖ-ਵੱਖ ਸੂਬਿਆਂ ਵਿੱਚ ਜਾ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਦੇਸ਼ ਦੇ ਹਰ ਕੋਨੇ ‘ਚੋਂ ਰਾਜਨੀਤਿਕ ਆਗੂ ਅਤੇ ਉੱਘੀਆਂ ਸ਼ਖ਼ਸੀਅਤਾਂ ਗੁਰੂ ਸਾਹਿਬ ਦੀ ਸਦੀਵੀ ਵਿਰਾਸਤ ਦੀ ਯਾਦ ‘ਚ ਕਰਵਾਏ ਜਾ ਰਹੇ ਸਮਾਗਮਾਂ ‘ਚ ਸ਼ਾਮਲ ਹੋਣ।
ਪੰਜਾਬ ‘ਚ ਮਹੀਨਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਸ਼ੁਰੂਆਤ ਦਿੱਲੀ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤੋਂ ਅਰਦਾਸ ਨਾਲ ਸ਼ੁਰੂ ਹੋ ਚੁੱਕੀ ਹੈ। ਇਨ੍ਹਾਂ ਸਮਾਗਮਾਂ ਤਹਿਤ ਪੰਜਾਬ ਭਰ ਦੇ ਪਵਿੱਤਰ ਅਸਥਾਨਾਂ ‘ਤੇ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਤੋਂ ਇਲਾਵਾ 4 ਪਵਿੱਤਰ ਅਸਥਾਨਾਂ- ਸ੍ਰੀਨਗਰ (ਜੰਮੂ ਅਤੇ ਕਸ਼ਮੀਰ), ਗੁਰਦਾਸਪੁਰ, ਫ਼ਰੀਦਕੋਟ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਤੋਂ ਨਗਰ ਕੀਰਤਨ ਸ਼ੁਰੂ ਹੋਣਗੇ, ਜਿਨ੍ਹਾਂ ਦੀ ਸਮਾਪਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ।




