‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਲੱਖਾਂ ਬਜ਼ੁਰਗਾਂ ਦੇ ਸੁਪਨੇ ਹੋਏ ਸਾਕਾਰ
ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਮੁਫ਼ਤ ਯਾਤਰਾ ਦਾ ਤੋਹਫ਼ਾ
ਪੰਜਾਬ ‘ਚ ਆਪਸੀ ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਹੋਰ ਵੀ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਵੰਬਰ 2023 ਤੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਇੱਕ ਸ਼ਲਾਘਾਯੋਗ ਪਹਿਲਕਦਮੀ ਹੈ। ਇਸ ਯੋਜਨਾ ਤਹਿਤ ਸੂਬੇ ਦੇ ਬਜ਼ੁਰਗਾਂ ਅਤੇ ਹੋਰ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਧਾਰਮਿਕ ਵਿਸ਼ਵਾਸ ਦਾ ਸਤਿਕਾਰ ਕਰਦੇ ਹੋਏ ਸਰਕਾਰ ਵੱਲੋਂ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮਿਲ ਰਹੀ ਹੈ।
ਪੰਜਾਬ ਭਰ ‘ਚ ਕਈ ਅਜਿਹੇ ਬਜ਼ੁਰਗ ਹਨ, ਜੋ ਕਈ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੀ ਯਾਤਰਾ ਨਹੀਂ ਕਰ ਸਕੇ, ਮਾਨ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਇਨ੍ਹਾਂ ਬਜ਼ੁਰਗਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਇਸ ਯੋਜਨਾ ਤਹਿਤ 50 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਨਾਗਰਿਕ ਮੁਫ਼ਤ ਤੀਰਥ ਯਾਤਰਾ ਦਾ ਲਾਭ ਲੈ ਸਕਦੇ ਹਨ। ਯਾਤਰਾ ਦੌਰਾਨ ਸ਼ਰਧਾਲੂਆਂ ਲਈ ਭੋਜਨ, ਰਿਹਾਇਸ਼ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਖਰਚ ਪੰਜਾਬ ਸਰਕਾਰ ਖ਼ੁਦ ਚੁੱਕਦੀ ਹੈ।
ਪੰਜਾਬ ਸਰਕਾਰ ਵੱਲੋਂ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਆਰਾਮ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਬੱਸ ‘ਚ ਸਹਾਇਤਾ ਸਟਾਫ਼ ਅਤੇ ਮੈਡੀਕਲ ਸਟਾਫ਼ ਦੇ ਮੈਂਬਰ ਤਾਇਨਾਤ ਕੀਤੇ ਗਏ ਹਨ। ਇਸ ਯੋਜਨਾ ਦੇ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਮਾਤਾ ਨੈਣਾ ਦੇਵੀ, ਸ੍ਰੀ ਪਟਨਾ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਵਾਰਾਣਸੀ, ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਹਰਿਦੁਆਰ, ਮਥੁਰਾ, ਵ੍ਰਿੰਦਾਵਨ ਅਤੇ ਹੋਰ ਧਾਰਮਿਕ ਅਸਥਾਨਾਂ ਦੀ ਮੁਫ਼ਤ ਯਾਤਰਾ ਦੀ ਸਹੂਲਤ ਮਿਲ ਰਹੀ ਹੈ।
ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਂਝੇ ਕੀਤੇ ਅੰਕੜਿਆਂ ਮੁਤਾਬਕ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 5,10,807 ਤੋਂ ਵੱਧ ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕੀਤੇ ਹਨ।
ਪੰਜਾਬ ਸਰਕਾਰ ਮੁਤਾਬਕ ਇਸ ਯੋਜਨਾ ਤਹਿਤ 95 ਏ.ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12,485 ਤੋਂ ਵੱਧ ਗੇੜੇ ਮੁਕੰਮਲ ਕਰ ਲਏ ਹਨ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਵਿੱਤੀ ਸਾਲ 2026-27 ਲਈ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ 312 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
ਪੰਜਾਬ ਸਰਕਾਰ ਦੀ ਮੁਫ਼ਤ ਤੀਰਥ ਯੋਜਨਾ ਦਾ ਲਾਭ ਲੈਣ ਲਈ 50 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਨਾਗਰਿਕ ਆਨਲਾਈਨ ਅਰਜ਼ੀ ਦੇ ਸਕਦਾ ਹੈ। ਇਸ ਸਬੰਧੀ ਬਿਨੈਕਾਰ ਕੋਲ ਪੰਜਾਬ ‘ਚ ਰਿਹਾਇਸ਼ ਦਾ ਪ੍ਰਮਾਣ, ਆਧਾਰ ਕਾਰਡ, ਵੋਟਰ ਕਾਰਡ, ਉਮਰ ਦਾ ਪ੍ਰਮਾਣ ਪੱਤਰ, ਮੋਬਾਈਲ ਨੰਬਰ, ਈ-ਮੇਲ ਆਈਡੀ ਅਤੇ ਸਿਹਤ ਸਬੰਧੀ ਸਰਟੀਫਿਕੇਟ ਹੋਣਾ ਲਾਜ਼ਮੀ ਹੈ।
ਮਾਨ ਸਰਕਾਰ ਇਸ ਯੋਜਨਾ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਅਤੇ ਉਨ੍ਹਾਂ ਲਈ ਅਧਿਆਤਮਿਕ ਯਾਤਰਾਵਾਂ ਨੂੰ ਆਸਾਨ ਅਤੇ ਪਹੁੰਚਯੋਗ ਬਣਾਉਣ ਲਈ ਯਤਨਸ਼ੀਲ ਹੈ। ਸਰਕਾਰ ਦਾ ਉਦੇਸ਼ ਹੈ ਕਿ ਸੂਬੇ ਦਾ ਕੋਈ ਵੀ ਬਜ਼ੁਰਗ ਨਾਗਰਿਕ ਕਿਸੇ ਵਿੱਤੀ ਕਾਰਨਾਂ ਕਰਕੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ।
Read More: ਆਮ ਆਦਮੀ ਕਲੀਨਿਕ ਰਾਹੀਂ ਪੰਜਾਬ ਦੇ ਲੋਕਾਂ ਨੂੰ ਘਰ ਨੇੜੇ ਮਿਲ ਰਿਹਾ ਮੁਫ਼ਤ ਇਲਾਜ




