ਚੰਡੀਗੜ੍ਹ 17 ਜੁਲਾਈ 2023: ਪੰਜਾਬ ਦੇ ਫ਼ਿਰੋਜ਼ਪੁਰ (Ferozepur) ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਬੀਐਸਐਫ ਦੇ ਜਵਾਨਾਂ ਨੇ ਨਸ਼ੇ ਦੀ ਇੱਕ ਖੇਪ ਬਰਾਮਦ ਕੀਤੀ ਹੈ | ਬੀਐਸਐਫ ਦੀ 136 ਬਟਾਲੀਅਨ ਦੇ ਜਵਾਨਾਂ ਵੱਲੋਂ ਇਹ ਪੈਕੇਟ ਜ਼ਬਤ ਕੀਤਾ ਗਿਆ ਹੈ, ਜਿਸ ਵਿੱਚ 1 ਕਿੱਲੋ 96 ਗ੍ਰਾਮ ਅਫੀਮ ਸੀ।
ਬੀਐਸਐਫ ਦੇ ਜਵਾਨਾਂ ਨੇ ਪੈਕੇਟ ਫਿਰੋਜ਼ਪੁਰ ਥਾਣੇ ਦੇ ਹਵਾਲੇ ਕਰ ਦਿੱਤਾ ਹੈ। ਥਾਣਾ ਸਦਰ ਦੇ ਏਐਸਆਈ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਐਸਐਫ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਤਸਕਰ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ 136 ਬਟਾਲੀਅਨ ਦੇ ਕੰਪਨੀ ਕਮਾਂਡਰ ਇੰਸਪੈਕਟਰ ਟੀ.ਆਨੰਦ ਰਾਜ ਨੇ ਦੱਸਿਆ ਕਿ ਗਸ਼ਤ ਦੌਰਾਨ ਦੁਲਚੀ ਬੰਨ੍ਹ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਬੀ.ਐਸ.ਐਫ ਦੇ ਜਵਾਨਾਂ ਨੂੰ ਅਫ਼ੀਮ ਦਾ ਭਰਿਆ ਇੱਕ ਪੈਕਟ ਮਿਲਿਆ।