Site icon TheUnmute.com

ਨਸ਼ਾ ਤਸਕਰਾਂ ਨੇ ਪੰਜਾਬ ‘ਚ ਪੈਰ ਪਸਾਰੇ, ਫਿਰ ਵੀ ਮੁੱਖ ਮੰਤਰੀ ਨੇ ਸੈਰ-ਸਪਾਟਾ ਸੰਮੇਲਨ ਨੂੰ ਦਿੱਤੀ ਤਰਜੀਹ: ਪ੍ਰਤਾਪ ਸਿੰਘ ਬਾਜਵਾ

Partap Singh Bajwa

ਚੰਡੀਗੜ੍ਹ, 11 ਸਤੰਬਰ 2023: ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ (Drug) ‘ਤੇ ਲਗਾਮ ਲਗਾਉਣ ‘ਚ ਅਸਫਲ ਰਹਿਣ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ 18 ਮਹੀਨਿਆਂ ਦੇ ਸ਼ਾਸਨ ਕਾਲ ਦੌਰਾਨ ਪੰਜਾਬ ਦੇਸ਼ ਦੀ ਨਸ਼ਿਆਂ ਦੀ ਰਾਜਧਾਨੀ ਬਣਨ ਦੀ ਕਗਾਰ ‘ਤੇ ਹੈ।

ਬਠਿੰਡਾ ਦੇ ਸੰਤਪੁਰਾ ਰੋਡ ‘ਤੇ ਦੋ ਨੌਜਵਾਨਾਂ ਇਕ ਪੁਰਸ਼ ਅਤੇ ਇਕ ਔਰਤ ਦੇ ਨਸ਼ੇ ਦਾ ਟੀਕਾ ਲਗਾਉਣ ਦੀ ਵਾਇਰਲ ਹੋਈ ਵੀਡੀਓ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਜਦੋਂ ਤੋਂ ‘ਆਪ’ ਸੱਤਾ ‘ਚ ਆਈ ਹੈ, ਉਦੋਂ ਤੋਂ ਅਜਿਹੀਆਂ ਕਈ ਵੀਡੀਓ ਵਾਇਰਲ ਹੋਈਆਂ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਜੇ ਤੱਕ ਨਸ਼ਿਆਂ ਦੀ ਸਮੱਸਿਆ ਨੂੰ ਰੋਕਣ ਲਈ ਕੋਈ ਵੀ ਸੁਚਾਰੂ ਕੰਮ ਨਹੀਂ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮੇਸ਼ਾ ਕਿਸੇ ਨਾ ਕਿਸੇ ਸ਼ੋਅਬਿਜ਼ ‘ਚ ਰੁੱਝੇ ਰਹਿੰਦੇ ਹਨ ਅਤੇ ਪੰਜਾਬ ਦੇ ਟੈਕਸ ਭਰਨ ਵਾਲਿਆਂ ਦਾ ਪੈਸਾ ਬਰਬਾਦ ਕਰਦੇ ਰਹਿੰਦੇ ਹਨ। ਇਸ ਦੌਰਾਨ ਪੰਜਾਬ ਦੇ ਨੌਜਵਾਨ ਨਸ਼ਿਆਂ ਕਾਰਨ ਬਰਬਾਦੀ ਦੇ ਕੰਢੇ ‘ਤੇ ਹਨ, ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਸੈਰ-ਸਪਾਟਾ ਸੰਮੇਲਨ ਆਯੋਜਿਤ ਕਰਨ ਵਿੱਚ ਰੁੱਝੇ ਹੋਏ ਹਨ। ਬਾਜਵਾ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੇ ਭਵਿੱਖ ਨੂੰ ਖੱਡ ਵਿੱਚ ਡੁੱਬਣ ਤੋਂ ਕਿਵੇਂ ਬਚਾ ਸਕਦੀਆਂ ਹਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਸਭ ਤੋਂ ਹੈਰਾਨ ਕਰਨ ਵਾਲੀ ਘਟਨਾ ਵਿੱਚ ਬਠਿੰਡਾ ਦੇ ਇੱਕ ਨਸ਼ਾ ਵਿਰੋਧੀ ਕਾਰਕੁਨ ਦਾ ਨਸ਼ਾ ਤਸਕਰਾਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਸਾਲ ਦੀ ਸ਼ੁਰੂਆਤ ‘ਚ ਨਸ਼ਾ ਤਸਕਰੀ ਵਿਰੁੱਧ ਜਲੰਧਰ ਦੇ ਇਕ ਕਾਰਕੁਨ ਦੀ ਹੱਤਿਆ ਕਰ ਦਿੱਤੀ ਗਈ ਸੀ। ਪੰਜਾਬ ਪੁਲਿਸ ਵੱਲੋਂ ਨਸ਼ਿਆਂ (Drug) ਦੇ ਕਾਰੋਬਾਰ ਵਿਰੁੱਧ ਲੜ ਰਹੇ ਲੋਕਾਂ ਨੂੰ ਕਥਿਤ ਤੌਰ ‘ਤੇ ਪਰੇਸ਼ਾਨ ਕਰਨ ਦੀਆਂ ਕੁਝ ਘਟਨਾਵਾਂ ਵੀ ਸਾਹਮਣੇ ਆਈਆਂ ਹਨ।  ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਦੀ ਅਸਫਲਤਾ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ ਇਹ ਨਸ਼ਾ ਵਿਰੋਧੀ ਕਾਰਕੁੰਨਾਂ ਦੀ ਰੱਖਿਆ ਵੀ ਨਹੀਂ ਕਰ ਸਕਦੀ, ਜੋ ਪੰਜਾਬ ਦੇ ਨੌਜਵਾਨਾਂ ਲਈ ਆਪਣੇ ਦਮ ‘ਤੇ ਸੰਘਰਸ਼ ਕਰ ਰਹੇ ਹਨ।

ਕਾਦੀਆਂ ਦੇ ਵਿਧਾਇਕ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਸਬੰਧਤ ਹਾਲਾਤ ਵਿਗੜਨ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਅਜੇ ਵੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਇੱਕ ਹੋਰ ਸਾਲ ਦੀ ਮੰਗ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ‘ਆਪ’ ਸਰਕਾਰ ਦੇ ਚਾਰ ਮਹੀਨਿਆਂ ਦੇ ਅੰਦਰ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਇੱਕ ਧੋਖੇਬਾਜ਼ ਚੋਣ ਦਾਅਵਾ ਸਾਬਤ ਹੋਈ ਹੈ।

Exit mobile version