Site icon TheUnmute.com

ਜਗਦੀਸ਼ ਟਾਈਟਲਰ ਨੂੰ ਜ਼ਮਾਨਤ ਦੇਣ ਵਿਰੁੱਧ DSGMC ਵੱਲੋਂ ਅਦਾਲਤ ਦੇ ਬਾਹਰ ਰੋਸ ਪ੍ਰਦਰਸ਼ਨ

Jagdish Tytler

ਦਿੱਲੀ, 05 ਅਗਸਤ 2023 (ਦਵਿੰਦਰ ਸਿੰਘ): ਸ਼ੁੱਕਰਵਾਰ ਨੂੰ ਦਿੱਲੀ ਦੀ ਇੱਕ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਪੁਲ ਬੰਗਸ਼ ਕਤਲੇਆਮ ਨਾਲ ਸਬੰਧਤ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ (Jagdish Tytler)  ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਇਸ ਦੇ ਨਾਲ ਹੀ ਸਪੈਸ਼ਲ ਜੱਜ ਵਿਕਾਸ ਢੁਲ ਨੇ ਟਾਈਟਲਰ ‘ਤੇ ਕੁਝ ਸ਼ਰਤਾਂ ਵੀ ਲਗਾਈਆਂ ਸਨ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਉਹ ਇਸ ਮਾਮਲੇ ‘ਚ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾl

ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਮੈਂਬਰਾਂ ਨੇ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਰਾਊਜ ਐਵੇਨਿਊ ਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਰਾਊਜ ਐਵੇਨਿਊ ਕੋਰਟ ਦੇ ਬਾਹਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਮੈਂਬਰਾਂ ਅਤੇ ਦਿੱਲੀ ਪੁਲਿਸ ਵਿਚਾਲੇ ਮਾਮੂਲੀ ਝੜੱਪ ਹੋ ਗਈ। ਦਿੱਲੀ ਪੁਲਿਸ ਨੇ ਸੁਰੱਖਿਆ ਕਾਰਨਾਂ ਕਰਕੇ ਕੋਰਟ ਰੂਮ ਦੇ ਐਂਟਰੀ ਗੇਟ ਨੂੰ ਬੰਦ ਕਰ ਦਿੱਤਾ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਮੈਂਬਰਾਂ ਨੇ ਦਿੱਲੀ ਦੀ ਰਾਊਜ ਐਵੇਨਿਊ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਅਦਾਲਤ ਵੱਲੋਂ ਕਾਂਗਰਸੀ ਆਗੂ ਨੂੰ ਜ਼ਮਾਨਤ ਦੇਣ ‘ਤੇ ਨਾਰਾਜ਼ਗੀ ਜ਼ਾਹਰ ਕੀਤੀ। ਇਸ ਦੇ ਨਾਲ ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਸੂਚੀਬੱਧ ਕਰ ਦਿੱਤੀ ਹੈ।

ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਉਸ ਦੇ ਸਿੱਖ ਅੰਗ ਰੱਖਿਅਕਾਂ ਦੁਆਰਾ ਕਤਲ ਕਰਨ ਤੋਂ ਇੱਕ ਦਿਨ ਬਾਅਦ 1 ਨਵੰਬਰ 1984 ਨੂੰ ਇੱਥੋਂ ਦੇ ਪੁਲ ਬੰਗਸ਼ ਇਲਾਕੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ ਅਤੇ ਇੱਕ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ।

Exit mobile version