ਚੰਡੀਗੜ੍ਹ, 19 ਜੂਨ 2023: ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨੇੜੇ ਪੈਂਦੇ ਪਿੰਡ ਸਖੋਵਾਲ (Sakhowal Village) ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ ਹੋਣ ਦਾ ਸਮਾਚਾਰ ਮਿਲਿਆ ਹੈ । ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਦੇ ਸੁੱਖਆਸਣ ਅਸਥਾਨ ਵਾਲੇ ਕਮਰੇ ਵਿਚ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਸੁਸ਼ੋਭਿਤ ਸਨ। ਇਸ ਕਮਰੇ ਵਿਚ ਲੱਗੇ ਪਲਾਸਟਿਕ ਦੇ ਪੱਖੇ ਦੇ ਸ਼ਾਰਟ ਸਰਕਟ ਹੋਣ ਕਾਰਨ ਸੁਖਆਸਨ ਅਸਥਾਨ ਵਾਲੇ ਪੀੜ੍ਹੇ ਨੂੰ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਪਾਵਨ ਸਰੂਪ ਅਗਨ ਭੇਂਟ ਹੋ ਗਏ।
ਪਿੰਡ ਸਖੋਵਾਲ ਵਿਖੇ ਵਾਪਰੀ ਇਸ ਦੁਖਦਾਈ ਘਟਨਾ ਤੋਂ ਬਾਅਦ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਬੀਰ ਸਿੰਘ ਮੁਸ਼ਲ ਮੁੱਖੀ ਸਤਿਕਾਰ ਕਮੇਟੀ ਤੇ ਹੋਰ ਜਥੇਬੰਦੀਆਂ ਨੇ ਪਹੁੰਚ ਕੇ ਗੁਰੂ ਸਾਹਿਬ ਦੇ ਸਰੂਪ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਹਿਤ ਭੇਜ ਦਿੱਤੇ ਹਨ।