Sri Muktsar Sahib

ਸ੍ਰੀ ਮੁਕਤਸਰ ਸਾਹਿਬ ਵਿਖੇ ਧਰਨੇ ਦੌਰਾਨ ਇੱਕ ਕਿਸਾਨ ਨੇ ਨਿਗਲੀ ਜ਼ਹਿਰੀਲੀ ਦਵਾਈ

ਸ੍ਰੀ ਮੁਕਤਸਰ ਸਾਹਿਬ 29 ਅਗਸਤ 2022: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 24 ਅਗਸਤ ਤੋਂ ਧਰਨੇ ‘ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵਰਕਰਾਂ ਵੱਲੋਂ ਅੱਜ ਇੱਥੇ ਡਿਪਟੀ ਕਮਿਸ਼ਨਰ ਦਫਤਰ ਦਾ ਘਿਰਾਓ ਕੀਤਾ ਗਿਆ ।

ਇਸ ਧਰਨੇ ਵਿੱਚ ਸ਼ਾਮਲ ਹੋਏ ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਏਕੇ ਕਲਾਂ ਦੇ ਕਿਸਾਨ ਬਲਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਨੇ ਧਰਨੇ ਦੌਰਾਨ ਕਥਿਤ ਤੌਰ ਤੇ ਜ਼ਹਿਰੀਲੀ ਦਵਾਈ ਨਿਗਲ ਲਈ ਜਿਸ ਦੀ ਫ਼ਰੀਦਕੋਟ ਮੈਡੀਕਲ ਕਾਲਜ ਵਿਖੇ ਮੌਤ ਹੋ ਗਈ ਹੈ | ਕਿਸਾਨ ਮਜ਼ਦੂਰ ਆਗੂਆਂ ਲਛਮਣ ਸਿੰਘ ਸੇਵੇਵਾਲਾ ਦੇ ਅਨੁਸਾਰ ਇਸ ਕਿਸਾਨ ਨੇ ਕਥਿਤ ਤੌਰ ‘ਤੇ ਡਰੱਗ ਮਾਮਲੇ ਨਾਲ ਜੁੜੇ ਜਗਦੀਸ਼ ਭੋਲਾ ਦੇ ਪਰਿਵਾਰ ਦੇ ਪੈਸੇ ਦੇਣੇ ਸਨ ਅਤੇ ਕਾਫੀ ਪੈਸੇ ਵਾਪਸ ਕਰ ਦਿੱਤੇ ਸਨ। ਪਰ ਹੋਰ ਪੈਸਿਆਂ ਲਈ ਉਸ ਤੇ ਦਬਾਅ ਬਣਾਇਆ ਜਾ ਰਿਹਾ ਸੀ ਅਤੇ ਉਸ ਦੀ ਜ਼ਮੀਨ ਦੀ ਕੁਰਕੀ ਤੱਕ ਦੀ ਗੱਲ ਹੋ ਰਹੀ ਸੀ |

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਿਸਾਨ ਮਾਨਸਿਕ ਪ੍ਰੇਸ਼ਾਨ ਸੀ ਅਤੇ ਉਸ ਨੇ ਧਰਨੇ ਦੌਰਾਨ ਜ਼ਹਿਰੀਲੀ ਦਵਾਈ ਨਿਗਲ ਲਈ, ਇਸਦੇ ਨਾਲ ਹੀ ਕਿਸਾਨ ਨੂੰ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੇ ਸਰਕਾਰੀ ਹਸਪਤਾਲ  ਵਿਖੇ ਲਿਜਾਇਆ ਗਿਆ ਜਿਥੋਂ ਉਸ ਨੂੰ ਫਰੀਦਕੋਟ ਲਈ ਰੈਫ਼ਰ ਕਰ ਦਿੱਤਾ ਗਿਆ । ਪਰ ਫ਼ਰੀਦਕੋਟ ਪਹੁੰਚ ਦਾ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦੂਜੇ ਪਾਸੇ ਧਰਨੇ ਦੌਰਾਨ ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਉਸੇ ਤਰ੍ਹਾਂ ਜਾਰੀ ਰਹੇਗਾ, ਕਿਉਂਕਿ ਪ੍ਰਸ਼ਾਸਨ ਵੱਲੋਂ ਅਜੇ ਤੱਕ ਗੁਲਾਬੀ ਸੁੰਡੀ ਦੇ ਮੁਆਵਜ਼ੇ ਦੀ ਪੁਖ਼ਤਾ ਵੰਡ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ । ਉਨ੍ਹਾਂ ਨੇ ਕਿਹਾ ਕਿ  ਧਰਨੇ ਦੀਆਂ ਬਾਕੀ ਮੰਗਾਂ ਦੇ ਨਾਲ ਇਹ ਮੰਗ ਵੀ ਧਰਨੇ ‘ਚ ਜੋੜ ਦਿੱਤੀ ਗਈ ਹੈ ਕਿ ਮ੍ਰਿਤਕ ਕਿਸਾਨ ਦੇ ਵਾਰਿਸਾਂ ਨੂੰ ਜਿੱਥੇ ਮੁਆਵਜ਼ਾ ਦਿੱਤਾ ਜਾਵੇ ਉੱਥੇ ਹੀ ਇਸ ਮਾਮਲੇ ਦੇ ਵਿੱਚ ਬਣਦੇ ਠੋਸ ਕਾਰਵਾਈ ਵੀ ਕੀਤੀ ਜਾਵੇ ।

Scroll to Top