ਚੰਡੀਗੜ੍ਹ, 29 ਅਗਸਤ 2024: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ 1158 ਸਹਾਇਕ ਪ੍ਰੋਫੈਸਰ ਯੂਨੀਅਨ (Assistant Professors Union) ਦੇ ਆਗੂਆਂ ਨਾਲ ਪੰਜਾਬ ਦੇ ਐਡਵੋਕੇਟ ਜਨਰਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਸਿੱਖਿਆ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸਹਾਇਕ ਪ੍ਰੋਫੈਸਰਾਂ ਦੀ ਭਰਤੀ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਅਧੀਨ ਮਾਮਲੇ ਦੀ ਪੈਰਵੀ ਜ਼ੋਰਦਾਰ ਢੰਗ ਨਾਲ ਕਰਨਗੇ |
ਬੈਠਕ ਦੌਰਾਨ ਹਰਜੋਤ ਸਿੰਘ ਬੈਂਸ ਨੇ 1158 ਸਹਾਇਕ ਪ੍ਰੋਫੈਸਰ ਯੂਨੀਅਨ (Assistant Professors Union) ਵੱਲੋਂ ਹਾਈ ਕੋਰਟ ‘ਚ ਭਰਤੀ ਸਬੰਧੀ ਚੱਲ ਰਹੇ ਕੇਸ ਬਾਰੇ ਪੰਜਾਬ ਸਰਕਾਰ ਦੇ ਸਟੈਂਡ ਪ੍ਰਤੀ ਪ੍ਰਗਟਾਏ ਜਾ ਰਹੇ ਤੋਖਲਿਆਂ ਨੂੰ ਦੂਰ ਕਰਨ ਲਈ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨਾਲ ਯੂਨੀਅਨ ਆਗੂਆਂ ਦੀ ਬੈਠਕ ਕਰਵਾਈ | ਇਸ ਦੌਰਾਨ ਯੂਨੀਅਨ ਆਗੂਆਂ ਨੇ ਅਪਣੀਆਂ ਸਾਰੀਆਂ ਚਿੰਤਾਵਾਂ ਬਾਰੇ ਜਾਣੂ ਕਰਵਾਇਆ।
ਹਰਜੋਤ ਸਿੰਘ ਬੈਂਸ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਪੂਰੀ ਸੁਚੇਤ ਹੈ ਅਤੇ ਇਸ ਦਿਸ਼ਾ ‘ਚ ਲਗਾਤਾਰ ਯਤਨਸ਼ੀਲ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 3 ਦਸੰਬਰ, 2024 ਨੂੰ ਹੋਵੇਗੀ |