Harjot Singh Bains

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਸਖ਼ਤ ਹੁਕਮ ਜਾਰੀ

ਚੰਡੀਗੜ੍ਹ, 10 ਮਈ 2025: ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਉੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਸਾਰੀਆਂ ਸਰਕਾਰੀ ਅਤੇ ਨਿੱਜੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਧਿਆਨ ਚ ਰੱਖਦੇ ਹੋਏ ਇੱਕ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ।

ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ ਨੂੰ ਕੈਂਪਸ ‘ਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣੇ ਚਾਹੀਦੇ ਹਨ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ, ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਹੀਂ ਕਿਹਾ ਜਾਣਾ ਚਾਹੀਦਾ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੈਂਪਸ ‘ਚ ਉਨ੍ਹਾਂ ਨੂੰ ਭੋਜਨ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।

ਉਨ੍ਹਾਂ (Harjot Singh Bains) ਦੱਸਿਆ ਕਿ ਇਸ ਸਬੰਧ ‘ਚ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ‘ਚ ਨਹੀਂ ਰਹਿਣਾ ਚਾਹੁੰਦੇ, ਤਾਂ ਉਨ੍ਹਾਂ ਨੂੰ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜੋ ਵਿਦਿਆਰਥੀ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਅਤੇ ਇਸਦੇ ਲਈ ਵਿਕਲਪਕ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ |

ਵਿਦਿਆਰਥੀਆਂ ਨੂੰ ਨਿਰਵਿਘਨ ਸਹਾਇਤਾ ਯਕੀਨੀ ਬਣਾਉਣ ਲਈ, ਸਿੱਖਿਆ ਮੰਤਰੀ ਨੇ ਵਿਦਿਅਕ ਸੰਸਥਾਵਾਂ ਨੂੰ ਨੋਡਲ ਅਫਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ-ਡੈਸਕ ਸਥਾਪਤ ਕਰਨ ਲਈ ਕਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਚਿੰਤਾਵਾਂ ਜਾਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਹਰਜੋਤ ਸਿੰਘ ਬੈਂਸ ਨੇ ਜ਼ੋਰ ਦੇ ਕੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਬਹੁਤ ਮਹੱਤਵਪੂਰਨ ਹੈ ਅਤੇ ਵਿਦਿਅਕ ਸੰਸਥਾਵਾਂ ਇਸਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੁਰੱਖਿਆ ਪ੍ਰੋਟੋਕੋਲ ‘ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਦੀ ਸੂਰਤ ‘ਚ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਬੰਧਤ ਵਿਦਿਅਕ ਸੰਸਥਾ ਦਾ ਪ੍ਰਬੰਧਨ ਇਸ ਲਈ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗਾ।

Read More: ਵਿਦਿਆਰਥੀਆਂ ਨੂੰ ਕੋਈ ਵੀ ਸੰਸਥਾ ਜ਼ਬਰਦਸਤੀ ਜਾਣ ਲਈ ਮਜਬੂਰ ਨਾ ਕਰੇ: CM ਭਗਵੰਤ ਮਾਨ

Scroll to Top