ਅਬੋਹਰ/ਚੰਡੀਗੜ੍ਹ, 10 ਮਾਰਚ 2023: ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਤੋਂ ਜਾਣੂ ਕਰਾਉਣ ਦੇ ਮਨੋਰਥ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਅੱਜ ਭਾਗ ਸਿੰਘ ਖ਼ਾਲਸਾ ਕਾਲਜ ਫਾਰ ਵੋਮੈਨ ਅਬੋਹਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ (Santosh Snehi Mann), ਮੈਂਬਰ ਸਕੱਤਰ, ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਬੋਲਦਿਆ ਸ਼੍ਰੀਮਤੀ ਸੰਤੋਸ਼ ਸਨੇਹੀ ਮਾਨ ਨੇ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਔਰਤ ਸਸ਼ਕਤੀਕਰਨ ਲਈ ਕਾਨੂੰਨੀ ਜਾਗਰੂਕਤਾ ਇੱਕ ਮਹੱਤਵਪੂਰਨ ਸਾਧਨ ਹੈ। ਉਹਨਾਂ ਕਿਹਾ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ ਨੂੰ ਉਹਨਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਦੇ ਮੰਤਵ ਨਾਲ ਕਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਅਰੁਣ ਗੁਪਤਾ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸੇਵਾਵਾਂ ਅਥਾਰਟੀ ਐਕਟ, 1987, ਵਿੱਚ ਦਰਜ ਕਾਨੂੰਨੀ ਸੇਵਾਵਾਂ ਪ੍ਰਤੀ ਉਪਬੰਧਾਂ ਤੋਂ ਵੀ ਜਾਣੂ ਕਰਵਾਇਆ। ਇਸ ਮੌਕੇ ਸ਼੍ਰੀਮਤੀ ਜਤਿੰਦਰ ਕੌਰ, ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜਿਲਕਾ ਵੀ ਵਿਸ਼ੇਸ਼ ਤੌਰ ਤੇ ਹਾਜਰ ਸਨ।