Site icon TheUnmute.com

ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ ਲਈ ਯਤਨ ਜ਼ੋਰਾਂ ‘ਤੇ: ਆਸ਼ਿਕਾ ਜੈਨ

Paddy stubble

ਐਸ.ਏ.ਐਸ.ਨਗਰ, 14 ਅਗਸਤ 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਾਲ 2023 ਦੌਰਾਨ ਝੋਨੇ ਦੀ ਪਰਾਲੀ (Paddy stubble) ਨੂੰ ਅੱਗ ਨਾ ਲਗਾ ਕੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵਿਊ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ‘ਤੇ ਮਸ਼ੀਨਾਂ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੌਜੂਦਾ ਸਾਲ ਦੌਰਾਨ ਕੁੱਲ 536 ਮਸ਼ੀਨਾਂ ਸਬਸਿਡੀ ਅਧੀਨ ਅਪਲਾਈ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 45 ਬੇਲਰ/ ਰੇਕ ਮਸ਼ੀਨਾਂ ਪਰਾਲੀ (Paddy stubble) ਦੀਆਂ ਗੰਢਾਂ ਤਿਆਰ ਕਰਨ ਲਈ ਘੱਟ ਤੋਂ ਘੱਟ 7.5 ਲੱਖ ਰੁਪਏ ਅਤੇ ਵੱਧ ਤੋਂ ਵੱਧ 12 ਲੱਖ ਰੁਪਏ ਸਬਸਿਡੀ ‘ਤੇ ਕਿਸਾਨਾਂ ਵੱਲੋਂ ਖ੍ਰੀਦੀਆਂ ਜਾਣੀਆਂ ਹਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਲਦ ਤੋਂ ਜਲਦ, ਖਾਸ ਤੌਰ ‘ਤੇ ਬੇਲਰ/ਰੇਕ ਮਸ਼ੀਨਾਂ ਦੇ ਬਕਾਇਆ ਟੀਚਿਆਂ ਦੀ ਪ੍ਰਾਪਤੀ ਨੂੰ ਯਕੀਨੀ ਬਣਾਇਆ ਜਾਵੇ। ਇਸ ਕੰਮ ਲਈ ਪਿੰਡ ਦੇ ਨੰਬਰਦਾਰਾਂ ਅਤੇ ਪਟਵਾਰੀਆਂ ਨਾਲ ਸਬੰਧਤ ਉਪ ਮੰਡਲ ਅਫਸਰਾਂ ਵੱਲੋਂ ਮੀਟਿੰਗਾਂ ਕੀਤੀਆਂ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਅਮਰਿੰਦਰਪਾਲ ਸਿੰਘ ਨੂੰ ਪਰਾਲੀ ਦੀਆ ਗੰਢਾਂ ਦੇ ਰੱਖ ਰਖਾਅ ਲਈ ਉਪਲੱਬਧ ਪੰਚਾਇਤੀ ਜ਼ਮੀਨ ਦੀ ਸੂਚੀ ਤਿਆਰ ਕਰਨ ਲਈ ਆਦੇਸ਼ ਦਿੱਤੇ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਨੂੰ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਸ਼ਡਿਊਲ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੱਖ ਵੱਖ ਗਤੀਵਿਧੀਆਂ ਲਈ ਸਮਾਂ ਨਿਸ਼ਚਿਤ ਕੀਤਾ ਗਿਆ ਹੈ ਅਤੇ ਇਹਨਾਂ ਗਤੀਵਿਧੀਆਂ ਦੀ ਪ੍ਰਾਪਤੀ ਦੀ ਸਮੀਖਿਆ ਲਈ ਹਫਤਾਵਾਰੀ ਰੀਵਿਊ ਮੀਟਿੰਗਾਂ ਜਾਰੀ ਰਹਿਣਗੀਆਂ।

ਉਪ ਮੰਡਲ ਮੈਜਿਸਟਰੇਟ ਖਰੜ ਰਵਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵੱਲੋਂ ਵੱਖ ਵੱਖ ਪਿੰਡਾਂ ਦੇ ਨੰਬਰਦਾਰਾਂ, ਬੇਲਰ ਮਾਲਕਾਂ, ਵਿੰਡਸਰ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਦੇ ਨੁਮਾਇਦਿਆਂ ਨਾਲ ਮੀਟਿੰਗਾਂ ਕਰਕੇ ਵੱਧ ਤੋਂ ਵੱਧ ਮਸ਼ੀਨਰੀ ਦੀ ਖਰੀਦ ਨੂੰ ਯਕੀਨੀ ਬਨਾਉਣ ਲਈ ਕਿਹਾ ਗਿਆ ਹੈ।

ਜਿਨ੍ਹਾਂ ਪਿੰਡਾਂ ਵਿੱਚ ਪਿਛਲੇ ਸਾਲਾਂ ਦੌਰਾਨ ਅੱਗ ਲੱਗਣ ਦੀਆ ਘਟਨਾਂਵਾਂ ਵਾਪਰੀਆਂ ਸਨ, ਉਹਨਾਂ ਪਿੰਡਾਂ ਦੇ ਕਿਸਾਨਾਂ ਪਾਸੋਂ ਮਸ਼ੀਨਰੀ ਦੀ ਵਰਤੋਂ ਲਈ ਪ੍ਰੋਫਾਰਮੇ ਅਨੁਸਾਰ ਰਿਪੋਰਟ ਪ੍ਰਾਪਤ ਕਰਨ ਅਤੇ ਪਰਾਲੀ ਪ੍ਰਬੰਧਨ ਸਬੰਧੀ ਹੋਰ ਲੋੜੀਂਦੇ ਕੰਮਾਂ ਨੂੰ ਨੇਪਰੇ ਚੜਾਉਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਨੋਡਲ/ਕਲੱਸਟਰ ਅਫਸਰਾਂ ਵਜੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਡਾ. ਗੁਰਦਿਆਲ ਕੁਮਾਰ, ਖੇਤੀਬਾੜੀ ਵਿਕਾਸ ਅਫਸਰ, ਨੇ ਦੱਸਿਆ ਕਿ ਫਸਲਾਂ ਦੀ ਰਹਿੰਦ ਖੂਹੰਦ ਸਾੜੇ ਜਾਣ ਦੇ ਅਮਲ ਨੂੰ ਪੂਰਨ ਠੱਲ੍ਹ ਪਾਉਣ ਵਿਚ ਕੋਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Exit mobile version