ਚੰਡੀਗੜ੍ਹ, 15 ਅਪ੍ਰੈਲ 2024: ਭਾਰਤੀ ਚੋਣ ਕਮਿਸ਼ਨ (Election Commission of India) ਨੇ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ 1 ਮਾਰਚ ਤੋਂ 13 ਅਪ੍ਰੈਲ ਦਰਮਿਆਨ ਚੈਕਿੰਗ ਦੌਰਾਨ 4658.13 ਕਰੋੜ ਰੁਪਏ ਜ਼ਬਤ ਕੀਤੇ ਹਨ। ਇਨ੍ਹਾਂ ਵਿੱਚ ਨਕਦੀ, ਸੋਨਾ-ਚਾਂਦੀ, ਸ਼ਰਾਬ, ਨਸ਼ੀਲੇ ਪਦਾਰਥ ਅਤੇ ਕੀਮਤੀ ਸਮਾਨ ਸ਼ਾਮਲ ਹੈ। ਚੋਣ ਕਮਿਸ਼ਨ ਨੇ ਸੋਮਵਾਰ ਨੂੰ ਕਿਹਾ ਕਿ ਲੋਕ ਸਭਾ ਚੋਣਾਂ ਦੇ 75 ਸਾਲਾਂ ਦੇ ਇਤਿਹਾਸ ਵਿੱਚ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਜ਼ਬਤੀ ਹੈ। 2019 ਵਿੱਚ 3475 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ।
ਚੋਣ ਕਮਿਸ਼ਨ ਨੇ ਕਿਹਾ ਕਿ 1 ਮਾਰਚ ਤੋਂ ਹਰ ਰੋਜ਼ ਕਰੀਬ 100 ਕਰੋੜ ਰੁਪਏ ਜ਼ਬਤ ਕੀਤੇ ਜਾ ਰਹੇ ਹਨ। ਕਮਿਸ਼ਨ ਅਨੁਸਾਰ ਤਾਮਿਲਨਾਡੂ ਵਿੱਚ ਸਭ ਤੋਂ ਵੱਧ 53 ਕਰੋੜ ਰੁਪਏ, ਤੇਲੰਗਾਨਾ ਵਿੱਚ 49 ਕਰੋੜ ਰੁਪਏ, ਮਹਾਰਾਸ਼ਟਰ ਵਿੱਚ 40 ਕਰੋੜ ਰੁਪਏ ਅਤੇ ਕਰਨਾਟਕ ਅਤੇ ਰਾਜਸਥਾਨ ਵਿੱਚ 35-35 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਗਈ ਹੈ।