ਚੰਡੀਗੜ੍ਹ 08 ਅਗਸਤ 2022: ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਵਿਰੋਧੀ ਧਿਰ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਬਿਜਲੀ ਮੰਤਰੀ ਆਰ.ਕੇ.ਸਿੰਘ ਨੇ ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ (Electricity Amendment Bill) ਪੇਸ਼ ਕੀਤਾ। ਇਸ ਬਿੱਲ ਦਾ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ |
ਇਸ ਵਿਰੋਧ ਨੂੰ ਲੈ ਕੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਦਾ ਕਹਿਣਾ ਹੈ ਕਿ ਇਹ ਬਿੱਲ ਕਿਸਾਨ ਵਿਰੋਧੀ ਨਹੀਂ ਹੈ। ਜੇਕਰ ਕੋਈ ਸੂਬਾ ਕਿਸਾਨ ਦੀ ਮਦਦ ਕਰਨਾ ਚਾਹੁੰਦਾ ਹੈ, ਸਬਸਿਡੀ ਦੇਣਾ ਚਾਹੁੰਦਾ ਹੈ ਤਾਂ ਉਸ ਦਾ ਕੋਈ ਵਿਰੋਧ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਬਿੱਲ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਨੇ ਬਿੱਲ ਨੂੰ ਚੰਗੀ ਤਰ੍ਹਾਂ ਨਹੀਂ ਪੜ੍ਹਿਆ। ਇਸਦੇ ਨਾਲ ਹੀ ਵਿਰੋਧੀ ਧਿਰ ਦੇ ਵਿਰੋਧ ਦੇ ਮੱਦੇਨਜ਼ਰ ਬਿਜਲੀ ਸੁਧਾਰ ਸੋਧ ਬਿੱਲ (Electricity Amendment Bill) ਨੂੰ ਸਥਾਈ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਗਿਆ ਹੈ।
ਜਿਕਰਯੋਗ ਹੈ ਕਿ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਹ ਬਿੱਲ ਪੇਸ਼ ਨਾ ਕਰਨ ਦੀ ਮੰਗ ਕੀਤੀ ਸੀ। ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਬਿੱਲ ਸਬੰਧਤ ਧਿਰਾਂ ਦੀ ਸਲਾਹ ਤੋਂ ਬਿਨਾਂ ਲਿਆ ਗਿਆ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਨੂੰ ਇਸ ਬਿੱਲ ਨੂੰ ਸੂਬਿਆਂ ਦੇ ਅਧਿਕਾਰ ’ਤੇ ਇਕ ਹੋਰ ਹਮਲਾ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ, ਅਸੀਂ ਆਪਣੇ ਅਧਿਕਾਰਾਂ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜ ਸਕਦੇ ਹਾਂ।