ਚੰਡੀਗੜ੍ਹ, 10 ਅਕਤੂਬਰ 2024: ਭਾਰਤ ਦੇ ਉੱਘੇ ਸਨਅਤਕਾਰ ਰਤਨ ਟਾਟਾ (Ratan Tata) ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh) ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |ਜਿਕਰਯੋਗ ਹੈ ਕਿ ਰਤਨ ਟਾਟਾ ਨੇ ਬੁੱਧਵਾਰ ਦੇਰ ਸ਼ਾਮ ਮੁੰਬਈ ਵਿਖੇ 86 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ।
ਸੀਐੱਮ ਭਗਵੰਤ ਮਾਨ ਨੇ ਆਪਣੇ ਸ਼ੋਕ ਸੰਦੇਸ਼ ‘ਚ ਦੇਸ਼ ‘ਚ ਸਨਅਤ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ‘ਚ ਰਤਨ ਟਾਟਾ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ ਹੈ। ਮੁੱਖ ਮੰਤਰੀ ਨੇ ਨੇ ਟਾਟਾ ਸੰਨਜ਼ ਨੂੰ ‘ਗਲੋਬਲ ਪਾਵਰਹਾਊਸ’ ਬਣਾਉਣ ਲਈ ਰਤਨ ਟਾਟਾ ਦੀ ਪ੍ਰਸ਼ੰਸਾ ਕੀਤੀ, ਜਿਨ੍ਹਾਂ ਕਰਕੇ ਭਾਰਤ ‘ਚ ਸਨਅਤੀ ਵਿਕਾਸ ਦੀ ਰਫ਼ਤਾਰ ਵੀ ਤੇਜ਼ ਆਈ ।
ਇਸਦੇ ਨਾਲ ਹੀ ਸੀਐੱਮ ਮਾਨ ਨੇ ਕਿਹਾ ਕਿ ਰਤਨ ਟਾਟਾ (Ratan Tata) ਦੀ ਸਖ਼ਤ ਮਿਹਨਤ, ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਸਾਦਗੀ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਪਸੰਦ ਦੇ ਖੇਤਰ ‘ਚ ਮੰਜ਼ਿਲ ਬਣਾਉਣ ਲਈ ਪ੍ਰੇਰਨਾ ਦਿੰਦੀ ਰਹੇਗੀ | ਉਨ੍ਹਾਂ ਕਿਹਾ ਕਿ ਮਹਾਨ ਹਸਤੀ ਰਤਨ ਟਾਟਾ ਦੇ ਦੇ ਦਿਹਨਾਤ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਅਤੇ ਪਰਿਵਾਰ ਅਤੇ ਦੇਸ਼ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਆਧੁਨਿਕ ਭਾਰਤ ‘ਚ ਸਨਅਤੀ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ‘ਚ ਅਹਿਮ ਭੂਮਿਕਾ ਨਿਭਾਉਣ ਵਾਲੇ ਉੱਘੇ ਕਾਰੋਬਾਰੀ ਦੇ ਦਿਹਾਂਤ ਨਾਲ ਪੂਰਾ ਦੇਸ਼ ਸਦਮੇ ‘ਚ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਖੀ ਪਰਿਵਾਰ ਅਤੇ ਉਨ੍ਹਾਂ ਦੇ ਸਾਕ-ਸੰਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਉਨ੍ਹਾਂ ਨੂੰ ਦੁੱਖ ਦੀ ਇਸ ਘੜੀ ‘ਚ ਭਾਣਾ ਮੰਨਣ ਦਾ ਬਲ ਬਖਸ਼ਣ।