National Lok Adalat

ਪੰਜਾਬ ਭਰ ‘ਚ ਲਗਾਈ ਨੈਸ਼ਨਲ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਕੀਤੀ ਸੁਣਵਾਈ

ਚੰਡੀਗੜ੍ਹ 14 ਮਈ 2022: ਪੰਜਾਬ ਭਰ ‘ਚ ਲਗਾਈ ਗਈ ਕੌਮੀ ਲੋਕ ਅਦਾਲਤ (National Lok Adalat) ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਦੀ ਦੂਰਅੰਦੇਸ਼ੀ ਅਗਵਾਈ ਹੇਠ ਲਗਾਈ ਗਈ ਇਸ ਕੌਮੀ ਲੋਕ ਅਦਾਲਤ ਦੌਰਾਨ ਵਿਆਹ ਸਬੰਧੀ ਝਗੜਿਆਂ, ਜਾਇਦਾਦ ਦੇ ਝਗੜਿਆਂ, ਚੈੱਕ ਬਾਊਂਸ ਦੇ ਕੇਸ, ਲੇਬਰ ਦੇ ਮਾਮਲੇ, ਅਪਰਾਧਿਕ ਕੰਪਾਊਂਡੇਬਲ ਕੇਸ, ਵੱਖ-ਵੱਖ ਐਫ.ਆਈ.ਆਰਜ਼ ਦੀਆਂ ਰੱਦ/ਲਾਪਤਾ ਰਿਪੋਰਟਾਂ ਆਦਿ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਸੁਣਵਾਈ ਕੀਤੀ ਗਈ ਅਤੇ ਪਾਰਟੀਆਂ ਦੀ ਸਹਿਮਤੀ ਨਾਲ ਅਵਾਰਡ ਪਾਸ ਕੀਤੇ ਗਏ।

ਮੈਂਬਰ ਸਕੱਤਰ  ਅਰੁਣ ਗੁਪਤਾ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ (National Lok Adalat)ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਵਿਕਲਪੀ ਝਗੜਾ ਨਿਵਾਰਣ ਕੇਂਦਰਾਂ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਚਾਹੀਦਾ ਹੈ ਕਿਉਂ ਜੋ ਇਸ ਨਾਲ ਲੋਕਾਂ ਦੇ ਕੀਮਤੀ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦਾਂ ਨੂੰ ਕਾਨੂੰਨੀ ਸੇਵਾਵਾਂ ਦੇਣ ਲਈ ਟੌਲ ਫਰੀ ਨੰਬਰ-1968 ਚਲਾਇਆ ਜਾ ਰਿਹਾ ਹੈ ਅਤੇ ਹਰ ਲੋੜਵੰਦ ਵਿਅਕਤੀ, 24 ਘੰਟੇ ਉਪਲਬਧ ਰਹਿਣ ਵਾਲੇ ਇਸ ਟੌਲ ਫਰੀ ਨੰਬਰ 1968 ‘ਤੇ ਕਾਲ ਕਰਕੇ ਕਿਸੇ ਵੀ ਕਿਸਮ ਦੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੀਗਲ ਸਰਵਿਸਿਜ਼ ਅਥਾਰਟੀ ਐਕਟ, 1987 ਤਹਿਤ ਹਰ ਉਹ ਵਿਅਕਤੀ ਜੋ ਸਮਾਜ ਦੇ ਕਮਜ਼ੋਰ ਵਰਗ ਨਾਲ ਸਬੰਧ ਰੱਖਦਾ ਹੋਵੇ, ਅਨੁਸੂਚਿਤ ਜਾਤੀ/ਕਬੀਲੇ ਦਾ ਮੈਂਬਰ, ਔਰਤਾਂ/ਬੱਚੇ, ਕੁਦਰਤੀ ਆਫ਼ਤਾਂ ਦੇ ਮਾਰੇ, ਹਵਾਲਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਮੁਫ਼ਤ ਕਾਨੂੰਨੀ ਸੇਵਾਵਾਂ ਲੈਣ ਦਾ ਹੱਕਦਾਰ ਹੈ।

Scroll to Top