ਚੰਡੀਗੜ੍ਹ 20 ਮਾਰਚ 2022: ਪੰਜਾਬ ਵਿਧਾਨ ਸਭਾ ਚੋਣਾਂ 2022 ‘ਚ ਸ਼ਾਨਦਾਰ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ (AAP) ਨੇ ਹਿਮਾਚਲ ਪ੍ਰਦੇਸ਼ (Himachal Pradesh) ਵੱਲ ਰੁਖ਼ ਕਰ ਲਿਆ ਹੈ। ਹਿਮਾਚਲ ਪ੍ਰਦੇਸ਼ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਪਾਰਟੀ ਨੇ ਆਪਣੀਆਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਪਾਰਟੀ ਨੇ ਭਾਜਪਾ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਗ੍ਰਹਿ ਜ਼ਿਲ੍ਹੇ ਮੰਡੀ ’ਚ ਘੇਰਨ ਦੀ ਰਣਨੀਤੀ ਬਣਾਈ ਹੈ।
ਇਸਦੇ ਨਾਲ ਹੀ ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ’ਚ ਦਿੱਲੀ ਸਰਕਾਰ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਪਾਰਟੀ ਅਹੁਦਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ’ਚ ਫ਼ੈਸਲਾ ਲਿਆ ਗਿਆ ਕਿ 6 ਅਪ੍ਰੈਲ ਨੂੰ ਮੰਡੀ ’ਚ ‘ਆਪ’ ਪਾਰਟੀ ਰੋਡ ਸ਼ੋਅ ਦਾ ਆਯੋਜਨ ਕਰੇਗੀ। ਇਸ ਰੋਡ ਸ਼ੋਅ ’ਚ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਿੱਸਾ ਲੈਣਗੇ।
ਇਸਦੇ ਚੱਲਦੇ ਦਿੱਲੀ ਦੇ ਸਿਹਤ ਮੰਤਰੀ ਜੈਨ ਬੀਤੇ ਦਿਨ ਨੂੰ ਆਮ ਆਦਮੀ ਪਾਰਟੀ ਦੇ ਵਰਕਰਾਂ ’ਚ ਜੋਸ਼ ਭਰਨ ਅਤੇ ਰੋਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੰਡੀ ਪਹੁੰਚੇ। ਉਨ੍ਹਾਂ ਨੇ ਦੇਰ ਸ਼ਾਮ ਪਾਰਟੀ ਦੇ ਅਹੁਦਾ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਮੈਂਬਰਸ਼ਿਪ ਮੁਹਿੰਮ ਦੀ ਸਮੀਖਿਆ ਕੀਤੀ। ਅਹੁਦਾ ਅਧਿਕਾਰੀਆਂ ਨੂੰ ਮੈਂਬਰਸ਼ਿਪ ਮੁਹਿੰਮ ਤੇਜ਼ ਕਰਨ ਲਈ ਈਮਾਨਦਾਰ ਲੋਕਾਂ ਨੂੰ ਪਾਰਟੀ ਨਾਲ ਜੋੜਨ ਨੂੰ ਕਿਹਾ। ਸਤੇਂਦਰ ਜੈਨ ਨੇ ਕਿਹਾ ਕਿ ‘ਆਪ’ ਹਿਮਾਚਲ ’ਚ 68 ਸੀਟਾਂ ’ਤੇ ਚੋਣਾਂ ਲੜੇਗੀ। ਉਹ ਦੋ ਦਿਨ ਦੇ ਹਿਮਾਚਲ ਦੌਰੇ ’ਤੇ ਆਏ ਹਨ। ਭਾਜਪਾ ਅਤੇ ਕਾਂਗਰਸ ਦੇ ਕਈ ਵੱਡੇ ਨੇਤਾ ਉਨ੍ਹਾਂ ਦੇ ਸੰਪਰਕ ’ਚ ਹਨ।