BJP

ਭਾਜਪਾ ਦੇ ਵਫਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੀ NIA ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ, 30 ਮਈ 2022: ਭਾਜਪਾ (BJP) ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਵਫਦ ਨੇ ਪੰਜਾਬ ਦੇ ਮਾਨਯੋਗ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਸਿੱਧੂ ਮੂਸੇਵਾਲਾ ਕਤਲ ਕਾਂਡ ਅਤੇ ਪੰਜਾਬ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਅਤੇ ਪੰਜਾਬ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਪੰਜਾਬ ਵਿੱਚ ਅੱਜ ਕੋਈ ਵੀ ਸੁਰੱਖਿਅਤ ਨਹੀਂ ਹੈ, ਹਰ ਪਾਸੇ ਦਹਿਸ਼ਤ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਹੀ ਸੰਵੇਦਨਸ਼ੀਲ ਸੂਬਾ ਹੈ ਅਤੇ ਪੰਜਾਬ ਦੇ ਲੋਕਾਂ ਨੇ ਲੰਬੇ ਅਤੇ ਅਸਹਿ ਕਾਲੇ ਦੌਰ ਦਾ ਸੰਤਾਪ ਭੋਗਿਆ ਹੈ। ਸਰਹੱਦ ਪਾਰ ਤੋਂ ਪੰਜਾਬ ਵਿੱਚ ਅਸ਼ਾਂਤੀ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਕਤਲ ‘ਤੇ ਦੁੱਖ ਪ੍ਰਗਟ ਕਰਦਿਆਂ ਐਨ ਆਈ ਏ ਜਾਂਚ ਦੀ ਮੰਗ ਕੀਤੀ ਹੈ | ਇਸਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੂੰ ਕੇਜਰੀਵਾਲ ਦੀ ਕਠਪੁਤਲੀ ਦੱਸਿਆ |

ਪੰਜਾਬ ‘ਚ ਵੱਧ ਰਹੀਆਂ ਅਪਰਾਧਿਕ ਘਟਨਾ

ਉਨ੍ਹਾਂ ਕਿਹਾ ਕਿ ਸੁਰੱਖਿਆ ਹਟਾ ਕੇ ਅੱਤਵਾਦੀਆਂ, ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਆਪਣੇ ਕਤਲ ਅਤੇ ਹੋਰ ਅਪਰਾਧਾਂ ਨੂੰ ਅੰਜਾਮ ਦੇਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਭਗਵੰਤ ਮਾਨ ਦੇ ਇਸ ਫੈਸਲੇ ਨੇ ਜਿੱਥੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ, ਉੱਥੇ ਹੀ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਪੰਜਾਬ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਪੰਜਾਬ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੀ ਨੱਕ ਹੇਠ 50 ਦੇ ਕਰੀਬ ਕਤਲ, ਸੈਂਕੜੇ ਲੁੱਟਾਂ-ਖੋਹਾਂ, ਡਕੈਤੀਆਂ ਆਦਿ ਵਾਪਰ ਚੁੱਕੀਆਂ ਹਨ। ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਨੇ ਇਨ੍ਹਾਂ ਮਾਮਲਿਆਂ ਵਿੱਚ ਸਿਰਫ਼ ਇਹ ਕਹਿ ਕੇ ਆਪਣਾ ਕੇਸ ਟਾਲ ਦਿੱਤਾ ਕਿ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦੀ ਹੀ ਮੁਲਜ਼ਮ ਫੜ ਲਏ ਜਾਣਗੇ।

ਭਾਜਪਾ (BJP) ਦੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਪੰਜਾਬ ‘ਚ ਗੈਂਗਸਟਰ ਕਲਚਰ ਫਿਰ ਤੋਂ ਸਿਖਰਾਂ ‘ਤੇ ਪਹੁੰਚ ਗਿਆ ਹੈ। ਪਿਛਲੇ ਲਗਪਗ ਦੋ ਮਹੀਨਿਆਂ ਵਿੱਚ ਅੰਤਰਰਾਸ਼ਟਰੀ ਖਿਡਾਰੀ ਸੰਦੀਪ ਨੰਗਲ ਸਮੇਤ 5 ਕਬੱਡੀ ਖਿਡਾਰੀ ਮਾਰੇ ਜਾ ਚੁੱਕੇ ਹਨ। ਕਬੱਡੀ ਮੈਚਾਂ ਵਿੱਚ ਸ਼ਰੇਆਮ ਗੋਲੀਆਂ ਚਲਾਈਆਂ ਜਾਂਦੀਆਂ ਹਨ ਤੇ ਪੁਲਿਸ ਤਮਾਸ਼ਾ ਦੇਖਦੀ ਰਹਿੰਦੀ ਹੈ।

ਪਟਿਆਲਾ ਹਿੰਸਾ ਮਾਮਲਾ

ਪਟਿਆਲਾ ਵਿੱਚ ਪੁਲਿਸ-ਪ੍ਰਸ਼ਾਸਨ ਦੀਆਂ ਅੱਖਾਂ ਸਾਹਮਣੇ ਭੜਕੀ ਹਿੰਸਾ ਅਤੇ ਸਾਰਿਆਂ ਦੀ ਸ਼ਰਧਾ ਦੇ ਕੇਂਦਰ ਸ੍ਰੀ ਕਾਲੀ ਮਾਤਾ ਮੰਦਿਰ ਦੀ ਬੇਅਦਬੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਅਤੇ ਪੁਲਿਸ-ਪ੍ਰਸ਼ਾਸਨ ਦੀ ਨਾ-ਕਾਮਯਾਬੀ ਦਾ ਪ੍ਰਤੱਖ ਸਬੂਤ ਹੈ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਲਈ ਇਸ ਤੋਂ ਸ਼ਰਮਨਾਕ ਗੱਲ ਕੀ ਹੋਵੇਗੀ ਕਿ ਪੰਜਾਬ ਪੁਲਿਸ ਦੇ ਆਪਣੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਅਪਰਾਧੀ ਦਿਨ-ਦਿਹਾੜੇ ਗ੍ਰਨੇਡਾਂ ਨਾਲ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ ਅਤੇ ਪੁਲਿਸ ਜਾਂ ਸਰਕਾਰ ਦੇ ਖੁਫੀਆ ਵਿਭਾਗ ਨੂੰ ਇਸ ਦੀ ਭਿਣਕ ਤੱਕ ਨਹੀਂ ਪੈਂਦੀ। ਖਬਰਾਂ ਦਰਜਨਾਂ ਆਧੁਨਿਕ ਹਥਿਆਰਬੰਦ ਵਿਅਕਤੀਆਂ ਵੱਲੋਂ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਕਤਲ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਰਕਾਰ ਜਾਂ ਪੁਲਿਸ-ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ।

ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਵਾਪਸੀ ਦਾ ਮਾਮਲਾ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਦਬਾਅ ਹੇਠ ਭਗਵੰਤ ਮਾਨ ਨੇ ਪੰਜਾਬ ਦੇ ਕਈ ਲੋਕਾਂ ਤੋਂ ਸੁਰੱਖਿਆ ਵਾਪਸ ਲੈ ਲਈ ਹੈ ਜੋ ਪਿਛਲੇ ਸਮੇਂ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦਾ ਨਿਸ਼ਾਨਾ ਸਨ, ਜਦਕਿ ਪਿਛਲੇ ਸਮੇਂ ‘ਚ ਪੰਜਾਬ ਦੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਕੇ ਨੂੰ ਕੇਜਰੀਵਾਲ ਵਾਂਗ ਝੂਠੀ ਸ਼ਾਬਾਸ਼ੀ ਮਿਲੀ। ਸਰਕਾਰ ਨੇ ਇਨ੍ਹਾਂ ਸਭ ਦੀਆਂ ਗੁਪਤ ਸੂਚਨਾਵਾਂ ਮੀਡੀਆ ਰਾਹੀਂ ਜਨਤਕ ਕੀਤੀ। ਜਿਸ ਦਾ ਨਤੀਜਾ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਰੂਪ ਵਿੱਚ ਸਾਹਮਣੇ ਆਇਆ। ਸੋ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਅਸਲ ਵਿੱਚ ਕੇਜਰੀਵਾਲ, ਰਾਘਵ ਚੱਢਾ, ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਹਨ।

ਅਸ਼ਵਨੀ ਸ਼ਰਮਾ ਨੇ ਮਾਨਯੋਗ ਰਾਜਪਾਲ ਪਾਸੋਂ ਮੰਗ ਕੀਤੀ ਕਿ ਉਪਰੋਕਤ ਸਾਰੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਨਾਯੋਗ ਭਗਵੰਤ ਮਾਨ ਸਰਕਾਰ ਅਤੇ ਅਯੋਗ ਡੀ.ਜੀ.ਪੀ ਪੰਜਾਬ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਉਪਰੋਕਤ ਕਤਲਾਂ ਦੀ ਜਾਂਚ NIA ਤੋਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਜਾਣ। ਇਸ ਵਫ਼ਦ ਵਿੱਚ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ, ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਬੁਲਾਰੇ ਐੱਸ.ਐੱਸ. ਚੰਨੀ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਆਦਿ ਹਾਜ਼ਰ ਸਨ।

 

Scroll to Top