ਚੰਡੀਗੜ੍ਹ, 28 ਮਾਰਚ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਵਿਚਾਰ-ਵਟਾਂਦਰਾ ਕਰਨ ਲਈ ਵਿਸ਼ੇਸ਼ ਇਕੱਤਰਤਾ ਸੱਦੀ, ਜਿਸ ਵਿੱਚ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਨੌਜਵਾਨਾਂ ਨੂੰ 24 ਘੰਟਿਆਂ ‘ਚ ਰਿਹਾਅ ਕਰਨ ਦਾ ਅਲਟੀਮੇਟਮ ਦਿੱਤਾ ਸੀ | ਉਨ੍ਹਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਹੀਂ ਹੋਇਆ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਿੱਖ ਪੰਥ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ |
ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਟਵੀਟ ਕਰਦਿਆਂ ਲਿਖਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ | ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ ਹੈ | ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ |