ਚੰਡੀਗੜ੍ਹ 03 ਅਕਤੂਬਰ 2022: ਇਸਲਾਮਾਬਾਦ ਹਾਈਕੋਰਟ ਦੀ ਪੰਜ ਮੈਂਬਰੀ ਵੱਡੀ ਬੈਂਚ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ (Imran Khan) ਖ਼ਿਲਾਫ ਅਦਾਲਤੀ ਮਾਣਹਾਨੀ ਦੇ ਕੇਸ ਨੂੰ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਮਹਿਲਾ ਜੱਜ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਉਸ ਦਾ ਲਿਖਤੀ ਜਵਾਬ ਸਵੀਕਾਰ ਕਰ ਲਿਆ। ਉਸ ਨੂੰ ਜਾਰੀ ਕਾਰਨ ਦੱਸੋ ਨੋਟਿਸ ਵੀ ਵਾਪਸ ਲੈ ਲਿਆ ਗਿਆ ਹੈ।
20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਰੈਲੀ ਦੌਰਾਨ ਇਮਰਾਨ ਖ਼ਾਨ ਨੇ ਆਪਣੇ ਸਹਿਯੋਗੀ ਸ਼ਾਹਬਾਜ਼ ਗਿੱਲ ਦੇ ਵਿਵਹਾਰ ਲਈ ਪੁਲਿਸ ਦੇ ਉੱਚ ਅਧਿਕਾਰੀਆਂ, ਚੋਣ ਕਮਿਸ਼ਨ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ।ਗਿੱਲ ਨੂੰ ਦੇਸ਼ ਧ੍ਰੋਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਮਰਾਨ ਖਾਨ ਨੇ ਵਧੀਕ ਸੈਸ਼ਨ ਜੱਜ ਜੇਬਾ ਚੌਧਰੀ ਦੇ ਫੈਸਲੇ ‘ਤੇ ਵੀ ਇਤਰਾਜ਼ ਜਤਾਇਆ ਸੀ, ਜਿਸ ਨੇ ਕੈਪੀਟਲ ਟੈਰੀਟਰੀ ਪੁਲਿਸ ਦੀ ਬੇਨਤੀ ‘ਤੇ ਗਿੱਲ ਨੂੰ ਦੋ ਦਿਨਾਂ ਲਈ ਰਿਮਾਂਡ ਦਿੱਤਾ ਸੀ। ਭਾਸ਼ਣ ਦੇ ਕੁਝ ਘੰਟਿਆਂ ਬਾਅਦ ਹੀ ਇਮਰਾਨ ਖਾਨ ‘ਤੇ ਪੁਲਿਸ, ਨਿਆਂਪਾਲਿਕਾ ਅਤੇ ਹੋਰ ਸਰਕਾਰੀ ਸੰਸਥਾਵਾਂ ਨੂੰ ਧਮਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ ਜਦੋਂ ਸਥਾਨਕ ਅਦਾਲਤ ਨੇ ਇੱਕ ਮਹਿਲਾ ਜੱਜ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ।