ਚੰਡੀਗੜ੍ਹ, 8 ਫਰਵਰੀ 2023: ਸੀਬੀਆਈ ਨੇ ਦਿੱਲੀ ਸਰਕਾਰ ਵੱਲੋਂ ਗਠਿਤ ਫੀਡਬੈਕ ਯੂਨਿਟ ਸਬੰਧੀ ਆਪਣੀ ਰਿਪੋਰਟ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ। ਇਸ ਮੁਤਾਬਕ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ‘ਤੇ ਵਿਰੋਧੀ ਪਾਰਟੀਆਂ ਦੀ ਜਾਸੂਸੀ ਕਰਨ ਦੇ ਦੋਸ਼ ਲੱਗੇ ਹਨ। ਹੁਣ ਸੀਬੀਆਈ ਇਸ ਮਾਮਲੇ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਚਾਹੁੰਦੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੰਨਿਆ ਜਾ ਰਿਹਾ ਹੈ ਕਿ ਇਸੇ ਲਈ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਰਾਸ਼ਟਰਪਤੀ ਨੂੰ ਪੱਤਰ ਲਿਖ ਕੇ ਗ੍ਰਹਿ ਮੰਤਰਾਲੇ ਰਾਹੀਂ ਮਨੀਸ਼ ਸਿਸੋਦੀਆ (Manish Sisodia) ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਹੈ।
ਜਾਣਕਾਰੀ ਮੁਤਾਬਕ ਦਿੱਲੀ ਸਰਕਾਰ ਨੇ ਫੀਡਬੈਕ ਯੂਨਿਟ ਦਾ ਗਠਨ ਕੀਤਾ ਸੀ ਜਿਸ ਦਾ ਕੰਮ ਹਰ ਵਿਭਾਗ ‘ਤੇ ਨਜ਼ਰ ਰੱਖਣਾ ਸੀ। ਸਰਕਾਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਮਕਸਦ ਵਿਭਾਗਾਂ ਦੇ ਭ੍ਰਿਸ਼ਟਾਚਾਰ ‘ਤੇ ਨਜ਼ਰ ਰੱਖਣਾ ਹੈ। ਹਾਲਾਂਕਿ ਬਾਅਦ ‘ਚ ਸਰਕਾਰ ‘ਤੇ ਦੋਸ਼ ਲਗਾਇਆ ਗਿਆ ਕਿ ਇਸ ਜ਼ਰੀਏ ਦਿੱਲੀ ਸਰਕਾਰ ਵਿਰੋਧੀ ਪਾਰਟੀਆਂ ਦੇ ਕੰਮਕਾਜ ‘ਤੇ ਨਜ਼ਰ ਰੱਖ ਰਹੀ ਹੈ। ਬਾਅਦ ਵਿੱਚ ਇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ।
ਹੁਣ ਸੀਬੀਆਈ ਨੇ ਆਪਣੀ ਰਿਪੋਰਟ ਵਿਜੀਲੈਂਸ ਵਿਭਾਗ ਨੂੰ ਸੌਂਪ ਦਿੱਤੀ ਹੈ, ਜਿਸ ਦੇ ਆਧਾਰ ’ਤੇ ਸਿਸੋਦੀਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਇਜਾਜ਼ਤ ਮੰਗੀ ਜਾ ਰਹੀ ਹੈ। ਫੀਡਬੈਕ ਯੂਨਿਟ ਸਿਸੋਦੀਆ ਦੇ ਅਧੀਨ ਹੀ ਕੰਮ ਕਰ ਰਹੀ ਸੀ।