Kuldeep Singh Dhaliwal

ਝੋਨੇ ਦੀ ਖਰੀਦ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਕੁਲਦੀਪ ਸਿੰਘ ਧਾਲੀਵਾਲ

ਫ਼ਤਹਿਗੜ੍ਹ ਸਾਹਿਬ 04 ਅਕਤੂਬਰ 2022: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਸਬੰਧੀ ਸੁਚੱਜੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਐਨ.ਆਰ.ਆਈਜ਼ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਨਾਜ ਮੰਡੀ ਸਰਹਿੰਦ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮੰਤਰੀ ਸੂਬੇ ਦੀਆਂ ਮੰਡੀਆਂ ਦੇ ਲਗਾਤਾਰ ਗੇੜੇ ਮਾਰ ਰਹੇ ਹਨ ਤਾਂ ਜੋ ਕਿਸਾਨ ਆਪਣੀ ਫਸਲ ਬਿਨਾਂ ਕਿਸੇ ਦਿੱਕਤ ਤੋਂ ਵੇਚ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਕਿਸੇ ਕਿਸਾਨ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਜਿਸ ਦਾ ਫੌਰੀ ਹੱਲ ਕੀਤਾ ਜਾਵੇਗਾ। ਇਸ ਮੌਕੇ ਹਲਕਾ ਵਿਧਾਇਕ ਸ. ਲਖਵੀਰ ਸਿੰਘ ਰਾਏ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਵੀ ਮੌਜੂਦ ਸਨ।

ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ

ਧਾਲੀਵਾਲ ਨੇ ਇਹ ਵੀ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਖਰੀਦਣ ਸਬੰਧੀ ਕੀਤੇ ਗਏ ਸੁਚੱਜੇ ਪ੍ਰਬੰਧਾਂ ਹੇਠਾਂ ਇਹ ਗੱਲ ਵੀ ਯਕੀਨੀ ਬਣਾਈ ਗਈ ਹੈ ਕਿ ਕਿਸਾਨ ਨੂੰ ਆਪਣੀ ਵੇਚੀ ਗਈ ਫਸਲ ਦੀ ਅਦਾਇਗੀ 48 ਘੰਟੇ ਵਿੱਚ ਕੀਤੀ ਜਾਵੇ ਅਤੇ ਇਸ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਕਾਰਨ ਅੱਜ ਕਈ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆਂ ਹੋਇਆ ਹੈ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਇਹ ਜਰੂਰੀ ਹੈ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।

ਉਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਦਾ ਹੀ ਹੁੰਦਾ ਹੈ, ਇਸ ਲਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨਾਲ ਜਿਥੇ ਫਸਲ ਦਾ ਝਾੜ ਵੱਧਦਾ ਹੈ ਉਥੇ ਹੀ ਬੇਲੋੜੀਆਂ ਖਾਦਾਂ ਦੀ ਵਰਤੋਂ ਵੀ ਨਹੀਂ ਕਰਨੀ ਪੈਂਦੀ ਅਤੇ ਖੇਤੀ ਖਰਚੇ ਘੱਟਦੇ ਹਨ। ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਵੀ ਮਿਲਦਾ ਹੈ।

ਪੱਤਰਕਾਰਾਂ ਵੱਲੋਂ ਪਨਗ੍ਰੇਨ ਦੇ ਇੰਸਪੈਕਟਰਾਂ ਵੱਲੋਂ ਖਰੀਦ ਬੰਦ ਕਰਨ ਦੇ ਫੈਸਲਾ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪਨਗ੍ਰੇਨ ਦੇ ਇੰਸਪੈਕਟਰਾਂ ਤੇ ਅਮਲੋਹ ਦੇ ਵਿਧਾਇਕ ਦਾ ਮਸਲਾ ਇੱਕ ਪਰਿਵਾਰਕ ਝਗੜਾ ਹੈ ਜਿਸ ਦਾ ਆਪਸ ਵਿੱਚ ਬੈਠ ਕੇ ਹੱਲ ਕਰ ਲਿਆ ਜਾਵੇਗਾ।

ਸੰਗਰੂਰ ਤੋਂ ਮੈਂਬਰ ਲੋਕ ਸਭਾ ਸ. ਸਿਮਰਨਜੀਤ ਸਿੰਘ ਮਾਨ ਤੇ ਸਪੁੱਤਰ ਇਮਾਨਦੀਪ ਸਿੰਘ ਮਾਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤੇ ਕੈਬਨਿਟ ਮੰਤਰੀ ਤੇ ਕੀਤੇ ਗਏ ਮਾਨਹਾਨੀ ਦੇ ਕੇਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ. ਧਾਲੀਵਾਲ ਨੇ ਕਿਹਾ ਕਿ ਇਹ ਉਨ੍ਹਾਂ ਦਾ ਹੱਕ ਹੈ ਅਤੇ ਜਦੋਂ ਵੀ ਮਾਣਯੋਗ ਅਦਾਲਤ ਉਨ੍ਹਾਂ ਬੁਲਾਵੇਗੀ ਤਾਂ ਉਹ ਮਾਲ ਵਿਭਾਗ ਦਾ ਲੋੜੀਂਦਾ ਰਿਕਾਰਡ ਮਾਣਯੋਗ ਅਦਾਲਤ ਅੱਗੇ ਰੱਖ ਦੇਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਦਿਨੇਸ਼ ਵਸ਼ਿਸ਼ਟ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ. ਹਰਪ੍ਰੀਤ ਸਿੰਘ ਅਟਵਾਲ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸਤਿੰਦਰ ਸਿੰਘ ਜੱਲਾ, ਅਮਰਿੰਦਰ ਸਿੰਘ ਮੰਡੋਫਲ, ਰਸ਼ਪਿੰਦਰ ਸਿੰਘ ਰਾਜਾ, ਗੁਰਵਿੰਦਰ ਸਿੰਘ ਢਿੱਲੋਂ, ਸਨੀ ਚੋਪੜਾ, ਜਗਜੀਤ ਸਿੰਘ ਰਿਊਣਾ, ਪਵੇਲ ਹਾਂਡਾ, ਸੰਦੀਪ ਕੁਮਾਰ, ਸਾਧੂ ਸਿੰਘ ਭੱਟਮਾਜਰਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਐਚ.ਐਸ. ਬਰਾੜ, ਡੀ.ਐਮ. ਮੰਡੀ ਬੋਰਡ ਬੀ.ਐਸ. ਕਾਲੇਕਾ, ਡੀ.ਐਮ. ਵੇਅਰ ਹਾਊਸ ਕੇਵਲ ਕ੍ਰਿਸ਼ਨ, ਡੀ.ਐਮ. ਮਾਰਕਫੈੱਡ ਐਸ.ਐਸ. ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ, ਅਧਿਕਾਰੀ ਅਤੇ ਸ਼ਹਿਰੀ ਪਤਵੰਤੇ ਵੀ ਮੌਜੂਦ ਸਨ।

Scroll to Top