Daler Mehndi

ਕਬੂਤਰਬਾਜ਼ੀ ਮਾਮਲੇ ‘ਚ ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਵਲੋਂ ਮਿਲੀ ਜ਼ਮਾਨਤ

ਚੰਡੀਗੜ੍ਹ 15 ਸਤੰਬਰ 2022: ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਬੂਤਰਬਾਜ਼ੀ ਮਾਮਲੇ ‘ਚ ਵੱਡੀ ਰਾਹਤ ਦਿੱਤੀ ਹੈ | ਹਾਈਕੋਰਟ ਨੇ 2003 ਦੇ ਕਬੂਤਰਬਾਜ਼ੀ ਮਾਮਲੇ ‘ਚ ਦਲੇਰ ਮਹਿੰਦੀ ਨੂੰ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਅਦਾਲਤ ਨੇ ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਮਾਮਲੇ ‘ਚ 2 ਸਾਲ ਦੀ ਸਜ਼ਾ ਸੁਣਾਈ ਸੀ |

ਦੱਸ ਦੇਈਏ ਕਿ 2018 ਵਿੱਚ ਕਬੂਤਰਬਾਜ਼ੀ ਮਾਮਲੇ ‘ਚ ਮਸ਼ਹੂਰ ਪੰਜਾਬੀ ਗਾਇਕ ਦਲੇਰ ਮਹਿੰਦੀ (Daler Mehndi) ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ ਸੀ | 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜੇ. ਐੱਮ. ਆਈ. ਸੀ. ਪਟਿਆਲਾ ਨਿਧੀ ਸੈਣੀ ਦੀ ਅਦਾਲਤ ਨੇ ਦਲੇਰ ਮਹਿੰਦੀ ਨੂੰ ਇਹ ਸਜ਼ਾ ਸੁਣਾਈ ਸੀ ਹਾਲਾਂਕਿ ਦਲੇਰ ਮਹਿੰਦੀ ਨੂੰ ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂ ਕਿ ਸਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ ਜਦਕਿ ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਸਾਲ 2003 ‘ ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ ਤੇ ਦਲੇਰ ਮਹਿੰਦੀ (Daler Mahindi), ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕਰਵਾਇਆ ਸੀ । ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ ਤੇ 20 ਲੱਖ ਰੁਪਏ ਲਏ ਸਨ । ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ ।

Scroll to Top