July 2, 2024 9:55 pm
IPS ਹਰਪ੍ਰੀਤ ਸਿੱਧੂ

ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 399.64 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ

ਚੰਡੀਗੜ੍ਹ, 10 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 8 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 399.64  ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 23.70 ਕਰੋੜ ਰੁਪਏ ਦੀ 41.66 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 314.75 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 25.63 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1356 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 3884 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 3195 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 2041 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸਾਰੇ ਹੀ 2991 ਗੈਰ ਜ਼ਮਾਨਤੀ  ਵਾਰੰਟਾਂ ਦੇ ਕੇਸਾਂ ‘ਤੇ ਕਾਰਵਾਈ  ਕੀਤੀ ਜਾ ਚੁੱਕੀ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 22250 ਨਾਕੇ ਲਾਏ ਗਏ ਹਨ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,170 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,78,856 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 112 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।