NRI Sabha Punjab

ਪੱਕੇ ਬਿੱਲ ਤੋਂ ਬਿਨਾ ਕੀਟਨਾਸ਼ਕ, ਖਾਦਾਂ ਅਤੇ ਬੀਜ਼ ਵੇਚਣ ਵਾਲਿਆਂ ਖ਼ਿਲਾਫ ਹੋਵੇਗੀ ਕਾਨੂੰਨੀ ਕਾਰਵਾਈ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 08 ਸਤੰਬਰ 2022: ਪੰਜਾਬ ਦੀ ਹੋਂਦ ਨੂੰ ਬਚਾਉਣ ਲਈ ਸੂਬੇ ਦੀ ਖੇਤੀ ਨੂੰ ਬਚਾਉਣ ਲਈ ਬਹੁਤ ਜਰੂਰੀ ਹੈ। ਅੱਜ ਇੱਥੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕੀਟਨਾਸ਼ਕ ਦਵਾਈ ਨਿਰਮਾਤਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸੂਬੇ ਵਿਚੋਂ ਨਕਲੀ ਅਤੇ ਗੈਰ ਮਿਆਰੀ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨੂੰ ਠੱਲ ਪਾਉਣ ਦਾ ਹੋਕਾ ਦਿੰਦਿਆਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਅੱਜ ਪੰਜਾਬ ਦੇ ਖੇਤੀ ਉਤਪਾਦਾਂ ਦੇ ਮਿਆਰ ਵਿਚ ਵੱਡੀ ਗਿਰਾਵਟ ਆਈ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸੇ ਵੀ ਕੀਮਤ ‘ਤੇ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਨਹੀਂ ਹੋਣ ਦੇਵੇਗੀ ਇਸ ਲਈ ਆਉਣ ਵਾਲੇ ਦਿਨਾਂ ਵਿਚ ਕਈ ਵੱਡੇ ਸਖਤ ਫੈਸਲੇ ਲਏ ਜਾਣਗੇ।

ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਕਲੀ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਰੋਕਣ ਲਈ ਲਈ ਕਾਨੂੰਨ ਲਿਆਂਦਾ ਜਾਵੇਗਾ, ਜਿਸ ਵਿਚ ਗੈਰ ਜ਼ਮਾਨਤੀ ਧਾਰਵਾਂ ਸ਼ਾਮਿਲ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ਵਿਚ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਵਿਕਰੀ ਮੌਕੇ ਦੁਕਾਨਦਾਰਾਂ ਨੂੰ ਕਿਸਾਨਾਂ ਪੱਕਾ ਬਿੱਲ ਦੇਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਕੋਈ ਬਿਨਾਂ ਬਿਲ ਤੋਂ ਵਿਕਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਉਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਸੂਬੇ ਭਰ ਵਿਚ ਚੌਕਸੀ ਟੀਮਾ ਬਣਾਈਆਂ ਗਈਆਂ ਹਨ। ਇਸ ਦੇ ਨਾਲ ਹੀ ਖੇਤਬਿਾੜੀ ਮੰਤਰੀ ਨੇ ਵਿਭਾਗ ਦੇ ਅਫਸਰਾਂ ਨੂੰ ਵੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਅਫਸਰ ਕਿਸੇ ਗਲਤ ਕੰਪਨੀ ਨਾਲ ਮਿਲੀਭੁਗਤ ਕਰਕੇ ਕੋਈ ਨਕਲੀ ਜਾ ਗੈਰ ਮਿਆਰੀ ਕੀਟਨਾਸ਼ਕ, ਬੀਜ਼ ਜਾ ਖਾਦ ਵਿਕਾਉਂਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੀਟਨਾਸ਼ਕ, ਖਾਦਾਂ ਅਤੇ ਬੀਜ਼ਾਂ ਦੀ ਟੈਸਟਿੰਗ ਲਈ ਜਲੰਧਰ ਵਿਚ ਅਤਿ ਅਧੁਨਿਕ ਲੈਬ ਸਥਾਪਿਤ ਕੀਤੀ ਜਾਵੇਗੀ ਅਤੇ ਪੁਰਾਣੀਆਂ ਤਿੰਨ ਲੈਬਾਂ ਦਾ ਅਧੁਨੀਕਰਨ ਕੀਤਾ ਜਾਵੇਗਾ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿਚ ਕੀਟਨਾਸ਼ਕਾਂ, ਖਾਦਾਂ ਅਤੇ ਬੀਜ਼ਾਂ ਦੇ ਉਤਪਾਦਨ ਤੋਂ ਲੈ ਕੇ ਕਿਸਾਨਾਂ ਤੱਕ ਪਹੂੰਚਣ ਤੱਕ ਪੂਰੀ ਨਿਗਾਰਨੀ ਲਈ ਟਰੇਸ਼ ਐਂਡ ਟਰੈਕਿੰਗ ਸਿਸਟਮ ਲਿਆਂਦਾ ਜਾਵੇਗਾ।ਇਸ ਦੇ ਲਈ ਬਾਰ ਕੋਡ ਅਤੇ ਈ-ਫਿੰਗਰਪ੍ਰਿੰਟਿੰਗ ਸਿਸਟਮ ਲਾਗੂ ਕਰਨ ਲਈ ਪੂਰੀ ਰਿਸਰਚ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਇਹ ਸਿਸਟਮ ਲਾਗੂ ਕੀਤੇ ਜਾਣਗੇ।

ਅੰਤ ਵਿਚ ਮੰਤਰੀ ਨੇ ਪੰਜਾਬ ਦੀ ਖੇਤੀ ਦੇ ਮਿਆਰ ਨੂੰ ਮੁੱੜ ਤੋਂ ਦੁਨਿਆ ਭਰ ਵਿਚ ਸਭ ਤੋਂ ਵਧੀਆ ਬਣਾਉਣ ਦਾ ਸੱਦਾ ਦਿੰਦਿਆਂ ਕੀਟਨਾਸ਼ਕ ਬਣਾਉਣ ਵਾਲੀਆਂ ਕੰਪਨੀਆਂ ਦੇ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਜਿਹਾ ਸਭ ਦੇ ਸਾਂਝੇ ਯਤਨਾ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਇਮਾਨਦਾਰੀ ਨਾਲ ਮਿਆਰੀ ਕੰਮ ਕਰਨ ਵਾਲਿਆਂ ਨੂੰ ਸਰਕਾਰ ਵਲੋਂ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਗਲਤ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Scroll to Top