ਚੰਡੀਗੜ੍ਹ, 16 ਫਰਵਰੀ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਸ੍ਰੀ ਮੁਕਤਸਰ ਸਾਹਿਬ (Malout-Sri Muktsar Sahib) ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜਨਲ ਇਮਪਾਵਰਡ ਕਮੇਟੀ ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।