Manish Sisodia

ਮਨੀਸ਼ ਸਿਸੋਦੀਆ ਨੇ ਆਪਣੀ ਗ੍ਰਿਫਤਾਰੀ ਦੇ ਖ਼ਿਲਾਫ਼ ਸੁਪਰੀਮ ਕੋਰਟ ‘ਚ ਦਾਇਰ ਕੀਤੀ ਪਟੀਸ਼ਨ

ਚੰਡੀਗੜ੍ਹ, 28 ਫਰਵਰੀ 2023: ਕਥਿਤ ਦਿੱਲੀ ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚ ਗਏ ਹਨ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ।

ਦੱਸਿਆ ਜਾ ਰਿਹਾ ਹੈ ਕਿ ਮਨੀਸ਼ ਸਿਸੋਦੀਆ ਦੇ ਵਕੀਲ ਨੇ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਜਲਦ ਕਰਨ ਦੀ ਅਪੀਲ ਕੀਤੀ ਹੈ। ਚੀਫ਼ ਜਸਟਿਸ ਦੇ ਸਾਹਮਣੇ ਪਟੀਸ਼ਨ ਦਾ ਜ਼ਿਕਰ ਹੋਣ ‘ਤੇ ਅਦਾਲਤ ਨੇ ਇਸ ਮਾਮਲੇ ‘ਤੇ ਸੁਣਵਾਈ ਲਈ ਅੱਜ ਦੁਪਹਿਰ 3.50 ਵਜੇ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਸਹਿਮਤੀ ਪ੍ਰਗਟਾਈ ਕਿ ਜਾਂਚ ਦੇ ਹਿੱਤ ਵਿੱਚ ਰਿਮਾਂਡ ਜ਼ਰੂਰੀ ਹੈ।

ਮਨੀਸ਼ ਸਿਸੋਦੀਆ (Manish Sisodia) ਨੂੰ ਰਾਉਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੇ ਸਾਹਮਣੇ ਪੇਸ਼ ਕਰਦਿਆਂ ਜਾਂਚ ਅਧਿਕਾਰੀ ਨੇ ਜਾਂਚ ਅਤੇ ਪੁੱਛਗਿੱਛ ਲਈ ਪੰਜ ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ। ਅਦਾਲਤ ਨੇ ਸੀਬੀਆਈ ਦੀ ਮੰਗ ਨੂੰ ਸਵੀਕਾਰ ਕਰ ਲਿਆ ਅਤੇ ਸਿਸੋਦੀਆ ਨੂੰ 4 ਮਾਰਚ ਤੱਕ ਸੀਬੀਆਈ ਦੀ ਹਿਰਾਸਤ ਵਿੱਚ ਸੌਂਪ ਦਿੱਤਾ।ਸੀਬੀਆਈ ਨੇ 2021-22 ਦੀ ਆਬਕਾਰੀ ਨੀਤੀ (ਹੁਣ ਰੱਦ) ਨੂੰ ਲਾਗੂ ਕਰਨ ਵਿੱਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਐਤਵਾਰ ਸ਼ਾਮ ਨੂੰ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ ।

ਮਨੀਸ਼ ਸਿਸੋਦੀਆ ਦੇ ਵਕੀਲ ਨੇ ਰਿਮਾਂਡ ‘ਤੇ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਸਿਸੋਦੀਆ ਨੇ ਆਪਣਾ ਮੋਬਾਈਲ ਫੋਨ ਬਦਲ ਲਿਆ ਸੀ, ਪਰ ਇਹ ਕੋਈ ਅਪਰਾਧ ਨਹੀਂ ਸੀ। ਇਹ ਨੀਤੀ ਦਿੱਲੀ ਦੇ ਉਪ ਰਾਜਪਾਲ ਤੋਂ ਸਲਾਹ ਲੈ ਕੇ ਲਾਗੂ ਕੀਤੀ ਗਈ ਸੀ ਅਤੇ ਇਸ ਲਈ ਸਲਾਹ-ਮਸ਼ਵਰੇ ਦੀ ਲੋੜ ਸੀ, ਇਸ ਲਈ ਸਾਜ਼ਿਸ਼ ਦੀ ਕੋਈ ਗੁੰਜਾਇਸ਼ ਨਹੀਂ ਸੀ। ਸਿਸੋਦੀਆ ਨੇ ਸਭ ਕੁਝ ਖੁੱਲ੍ਹਾ ਰੱਖਣ ਦੀ ਕੋਸ਼ਿਸ਼ ਕੀਤੀ।

Scroll to Top