ਚੰਡੀਗੜ੍ਹ 05 ਨਵੰਬਰ 2022: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਦੀਆਂ ਮੁਸ਼ਕਿਲਾਂ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ । ਪਾਕਿਸਤਾਨੀ ਫੌਜ ਨੇ ਫੌਜ ਦੇ ਸੀਨੀਅਰ ਅਧਿਕਾਰੀ ਨੂੰ ਬਦਨਾਮ ਕਰਨ ਲਈ ਇਮਰਾਨ ਖਿਲਾਫ ਕਾਨੂੰਨੀ ਕਾਰਵਾਈ ਦੀ ਸਿਫਾਰਿਸ਼ ਕੀਤੀ ਹੈ। ਇਸ ਦੇ ਨਾਲ ਹੀ ਲਾਹੌਰ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਇਮਰਾਨ ਖ਼ਾਨ ਨੂੰ ਉਨ੍ਹਾਂ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ ਹੈ।
ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੀਟੀਆਈ ਮੁਖੀ ਇਮਰਾਨ ਖਾਨ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਖਾਨ ਨੇ ਆਪਣੇ ‘ਤੇ ਹੋਏ ਹਮਲੇ ਦੀ ਕੋਸ਼ਿਸ਼ ਵਿੱਚ ਫੌਜ ਦੇ ਇੱਕ ਸੀਨੀਅਰ ਅਧਿਕਾਰੀ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਹੈ। ਇਲਜ਼ਾਮਾਂ ਦਾ ਜਵਾਬ ਦਿੰਦੇ ਹੋਏ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈਐਸਪੀਆਰ) ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ, ਪੀਟੀਆਈ ਪ੍ਰਧਾਨ ਦੁਆਰਾ ਫੌਜ ਅਤੇ ਖਾਸ ਤੌਰ ‘ਤੇ ਇੱਕ ਸੀਨੀਅਰ ਅਧਿਕਾਰੀ ਦੇ ਖਿਲਾਫ ਬੇਬੁਨਿਆਦ ਅਤੇ ਗੈਰ-ਜ਼ਿੰਮੇਵਾਰਾਨਾ ਦੋਸ਼ ਲਗਾਏ ਗਏ ਹਨ। ਇਹ ਬਿਲਕੁਲ ਅਸਵੀਕਾਰਨਯੋਗ ਹਨ।
ਇਸ ਲਈ ਪਾਕਿਸਤਾਨ ਸਰਕਾਰ ਨੂੰ ਇਮਰਾਨ ਖਾਨ (Imran Khan) ਦੇ ਦੋਸ਼ਾਂ ਦੀ ਜਾਂਚ ਕਰਨ ਅਤੇ ਫੌਜ ਅਤੇ ਉਸ ਦੇ ਅਧਿਕਾਰੀਆਂ ਨੂੰ ਬਦਨਾਮ ਕਰਨ ਵਾਲਿਆਂ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।ਇਮਰਾਨ ਖ਼ਾਨ ਨੂੰ ਵੀਰਵਾਰ ਨੂੰ ਪੰਜਾਬ ਸੂਬੇ ਦੇ ਵਜ਼ੀਰਾਬਾਦ ਤੱਕ ਉਨ੍ਹਾਂ ਦੇ ਲੰਬੇ ਮਾਰਚ ਦੌਰਾਨ ਇੱਕ ਹਮਲਾਵਰ ਨੇ ਗੋਲੀ ਮਾਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਮਰਾਨ ਦੇ ਲੱਤ ਵਿੱਚ ਗੋਲੀ ਲੱਗੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।