ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣਗੇ ਪੋਸਟਰ

ਵੋਟ ਪਾਉਣ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਮਈ 2024: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕਤੰਤਰ ਦੀ ਮਜ਼ਬੂਤੀ ਲਈ ‘ਹਰ ਇੱਕ ਵੋਟ ਜ਼ਰੂਰੀ’ ਦੇ ਸੁਨੇਹੇ ਨੂੰ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਸਿਬਿਨ ਸੀ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਵੋਟਰ ਜਾਗਰੂਕਤਾ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਯਤਨਾਂ ਦੀ ਲੜੀ ਵਿੱਚ ਜ਼ਿਲ੍ਹੇ ਦੀਆਂ ਜਨਤਕ ਵਰਤੋਂ ਵਾਲੀਆਂ ਲਿਫ਼ਟਾਂ ਵਿੱਚ ਇੱਕ ਜੂਨ ਨੂੰ ਸਮੂਹ ਵਰਗਾਂ ਨੂੰ ਵੋਟ ਪਾਉਣ ਦੀ ਅਪੀਲ ਵਾਲੇ ਪੋਸਟਰ ਲਗਾਏ ਜਾ ਰਹੇ ਹਨ।

ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਸ ਮੁਹਿੰਮ ਦਾ ਆਗਾਜ਼ ਉਨ੍ਹਾਂ ਵੱਲੋਂ ਚੋਣ ਤਹਿਸੀਲਦਾਰ ਸੰਜੇ ਕੁਮਾਰ ਨਾਲ ਕੀਤੀ ਗਈ। ਜ਼ਿਲ੍ਹਾ ਨੋਡਲ ਅਫਸਰ ਸਵੀਪ ਨੇ ਦੱਸਿਆ ਕਿ ਹਰ ਰੋਜ਼ ਹਜ਼ਾਰਾਂ ਲੋਕ ਬਹੁਮੰਜ਼ਲੀ ਇਮਾਰਤਾਂ ਦੀਆਂ ਲਿਫਟਾਂ ਦੀ ਵਰਤੋਂ ਕਰਦੇ ਹਨ, ਇਸ ਲਈ ਵੋਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਵੋਟ ਪਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਹ ਨਿਵੇਕਲੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਹੋਰਨਾਂ ਬਹੁਮੰਜ਼ਿਲਾ ਇਮਾਰਤਾਂ ਤੱਕ ਵੀ ਪਹੁੰਚਾਇਆ ਜਾਵੇਗਾ।

ਪ੍ਰੋ ਅੰਟਾਲ ਨੇ ਅੱਗੇ ਦੱਸਿਆ ਕਿ ਇਸਦੇ ਨਾਲ ਹੀ ਵੱਖ-ਵੱਖ ਸਕੂਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸਤਨਾਮ ਸਿੰਘ ਬਾਠ ਦੀ ਅਗਵਾਈ ਵਿਚ ਵੋਟਰ ਸਾਖਰਤਾ ਕਲੱਬਾਂ ਵੱਲੋਂ ਲੋਕਤੰਤਰ ਦੀ ਮਹਿੰਦੀ, ਰੰਗੋਲੀਆਂ ਅਤੇ ਗਿੱਧੇ ਦੇ ਮਾਧਿਅਮ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ‘ਇੱਕ ਜੂਨ ਨੂੰ ਹਰ ਇਕ ਵੋਟਰ ਪਾਵੇ ਵੋਟ’ ਦੇ ਸੁਨੇਹੇ ਵਾਲੇ ਸਟਿੱਕਰ ਸੁਵਿਧਾ ਕੇਂਦਰਾਂ ਵਿਚ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਚੋਣ ਕਾਨੂੰਗੋ ਸੁਰਿੰਦਰ ਬਤਰਾ ਅਤੇ ਜਗਤਾਰ ਸਿੰਘ ਵੀ ਹਾਜ਼ਰ ਸਨ।

Leave a Reply

Your email address will not be published. Required fields are marked *