ਹੁਸ਼ਿਆਰਪੁਰ 21 ਨਵੰਬਰ 2022 : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ (Bram Shankar Jimpa) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਦੇ ਹਰ ਘਰ ਤੱਕ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਲੈ ਕੇ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਹਰ ਪਿੰਡ ਤੱਕ ਪੀਣ ਵਾਲਾ ਸਾਫ਼ ਪਾਣੀ ਪਹੁੰਚਾਇਆ ਜਾ ਰਿਹਾ ਹੈ।
ਉਹ ਅੱਜ ਹੁਸ਼ਿਆਰਪੁਰ ਦੇ ਪਿੰਡ ਰਸੂਲਪੁਰ (ਨਜ਼ਦੀਕ ਅੱਜੋਵਾਲ) ਵਿਚ ਇਕ ਕਿਲੋਮੀਟਰ ਲੰਬੀ ਵਾਟਰ ਸਪਲਾਈ ਪਾਈਪ ਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ ਬਹੁਤੇ ਘਰਾਂ ਤੱਕ ਪੀਣ ਵਾਲਾ ਸਾਫ਼ ਪਾਣੀ ਨਹੀਂ ਪਹੁੰਚ ਸਕਿਆ ਸੀ, ਇਸ ਕਮੀ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਕੋਈ ਵੀ ਘਰ ਅਜਿਹਾ ਨਹੀਂ ਛੱਡਿਆ ਜਾਵੇਗਾ, ਜਿਸ ਨੂੰ ਪੀਣ ਵਾਲੇ ਸਾਫ਼ ਪਾਣੀ ਲਈ ਦੂਰ ਜਾਣਾ ਪਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਉਨ੍ਹਾਂ ਸਰਹੱਦੀ ਇਲਾਕਿਆਂ ਵਿਚ ਜਿਨ੍ਹਾਂ ਦੀ ਪਿਛਲੀ ਸਰਕਾਰਾਂ ਨੇ ਕਦੇ ਵੀ ਸਾਰ ਨਹੀਂ ਲਈ ਸੀ, ਉਥੇ ਵੀ ਆਰ.ਓ. ਲਗਾ ਕੇ ਲੋਕਾਂ ਤੱਕ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਿੰਡ-ਪਿੰਡ ਜਾ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਸਮੇਂ ਸਿਰ ਮਿਲ ਸਕਣ। ਇਸ ਮੌਕੇ ਐਕਸੀਅਨ ਜਲ ਸਪਲਾਈ ਸਿਮਰਨਜੀਤ ਸਿੰਘ ਖਾਂਬਾ, ਸੰਦੀਪ ਠਾਕਰ, ਸੁਮਨ ਬਹਿਲ, ਕਮਲ ਕੁਮਾਰ, ਵਰਿੰਦਰ ਵੈਦ ਅਤੇ ਇਲਾਕੇ ਦੇ ਹੋਰ ਪਤਵੰਤੇ ਵੀ ਮੌਜੂਦ ਸਨ