ਪੰਜਾਬ ਵਿਜੀਲੈਂਸ ਬਿਊਰੋ ਵਲੋਂ 2,000 ਰੁਪਏ ਰਿਸ਼ਵਤ ਲੈਂਦਿਆਂ ASI ਰੰਗੇ ਹੱਥੀਂ ਕਾਬੂ

Punjab Vigilance Bureau

ਚੰਡੀਗੜ੍ਹ 14 ਸਤੰਬਰ 2022: ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਥਾਣਾ ਸਿਟੀ ਕਪੂਰਥਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਲਖਵਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਥਾਣਾ ਸਿਟੀ ਖਰੜ, ਐਸ.ਏ.ਐਸ.ਨਗਰ ਵਿਖੇ ਤਾਇਨਾਤ ਏ.ਐਸ.ਆਈ. ਸੋਮ ਨਾਥ (ASI Som nath) ਖਿਲਾਫ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੌਰਵ ਵਾਸੀ ਅਮਨ ਨਗਰ, ਕਪੂਰਥਲਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦਾ ਦੁਕਾਨ ‘ਤੇ ਆਪਣੇ ਭਾਈਵਾਲ ਨਾਲ ਮਾਮੂਲੀ ਝਗੜਾ ਹੋ ਗਿਆ ਅਤੇ ਸਬੰਧਤ ਏ.ਐਸ.ਆਈ. ਵੱਲੋਂ ਇਸ ਬਾਰੇ ਪੁਲਿਸ ਕੋਲ ਦਾਖਲ ਸ਼ਿਕਾਇਤ ਦੇ ਮਾਮਲੇ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ ਪੈਸੇ ਦੀ ਮੰਗ ਕੀਤੀ ਗਈ ਸੀ।

ਸ਼ਿਕਾਇਤ ਦੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਦੋਸ਼ੀ ਪੁਲਿਸ ਅਧਿਕਾਰੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਸੋਮ ਨਾਥ ਵਿਰੁੱਧ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ (Punjab Vigilance Bureau) ਨੇ ਬਲਬੀਰ ਸਿੰਘ ਵਾਸੀ ਗ੍ਰੀਨ ਕੰਫਰਟ ਹੋਮਜ਼, ਖਰੜ, ਜ਼ਿਲ੍ਹਾ ਐਸ.ਏ.ਐਸ.ਨਗਰ ਦੀ ਸ਼ਿਕਾਇਤ ‘ਤੇ ਏ.ਐਸ.ਆਈ. ਸੋਮ ਨਾਥ ਦੇ ਖਿਲਾਫ ਵਿਜੀਲੈਂਸ ਪੁਲਿਸ ਸਟੇਸ਼ਨ ਫਲਾਇੰਗ ਸਕੁਐਡ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰ. 14 ਮਿਤੀ 13.9.22 ਦਰਜ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਬਲਬੀਰ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਅਤੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨਾਲ ਉਸ ਦੀ ਮਾਮੂਲੀ ਤਕਰਾਰ ਹੋਈ ਸੀ। ਇਸ ਉਪਰੰਤ ਉਸ ਮੁਲਾਜਮ ਨੇ ਉਸਦਾ ਮੋਟਰਸਾਈਕਲ ਜ਼ਬਤ ਕਰ ਲਿਆ ਅਤੇ ਉਸ ਮੋਟਰ ਸਾਈਕਲ ਨੂੰ ਛੱਡਣ ਬਦਲੇ ਰਿਸ਼ਵਤ ਵਜੋਂ 60,000 ਰੁਪਏ ਦੀ ਮੰਗ ਕੀਤੀ।

ਗੱਲਬਾਤ ਦੌਰਾਨ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਕਾਲ ਰਿਕਾਰਡ ਵੀ ਕੀਤੀ। ਉਨਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਸ਼ਿਕਾਇਤ ਵਿਚਲੇ ਤੱਥ ਸਹੀ ਪਾਏ ਗਏ ਅਤੇ ਵਿਜੀਲੈਂਸ ਬਿਊਰੋ ਨੇ ਉਕਤ ਦੋਸ਼ੀ ਏ.ਐਸ.ਆਈ ਖਿਲਾਫ ਰਿਸ਼ਵਤਖੋਰੀ ਦਾ ਮਾਮਲਾ ਦਰਜ ਕਰ ਲਿਆ।

Leave a Reply

Your email address will not be published. Required fields are marked *