ਚੰਡੀਗੜ੍ਹ 27 ਅਕਤੂਬਰ 2022: ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਤਿੰਨ ਦਿਨਾਂ ਦੇ ਬ੍ਰੇਕ ਤੋਂ ਬਾਅਦ ਇੱਕ ਵਾਰ ਫਿਰ ਸ਼ੁਰੂ ਹੋ ਗਈ ਹੈ। 50ਵੇਂ ਦਿਨ ਦੀ ਯਾਤਰਾ ਤੇਲੰਗਾਨਾ ਦੇ ਨਰਾਇਣਪੇਟ ਜ਼ਿਲ੍ਹੇ ਦੇ ਮਕਤਲ ਤੋਂ ਸ਼ੁਰੂ ਹੋਈ। ਕਾਂਗਰਸ ਨੇਤਾ ਰਾਹੁਲ ਗਾਂਧੀ ਵੀਰਵਾਰ ਨੂੰ ਫਿਰ ਇਸ ਪਦਯਾਤਰਾ ‘ਚ ਸ਼ਾਮਲ ਹੋਏ।
ਇਸ ਦੌਰਾਨ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਕਸ਼ਮੀਰੀ ਪੰਡਤਾਂ (Kashmiri Pandits) ਦੇ ਕਥਿਤ ਪਲਾਇਨ ਨੂੰ ਲੈ ਕੇ ਕੇਂਦਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤਾ ਦਾ ਆਨੰਦ ਮਾਣ ਰਹੇ ਹਨ ਜਦਕਿ ਘੱਟ ਗਿਣਤੀ ਭਾਈਚਾਰੇ ਦੇ ਲੋਕ ਆਪਣੇ ਹੀ ਦੇਸ਼ ਵਿੱਚ ਸ਼ਰਨਾਰਥੀ ਬਣੇ ਹੋਏ ਹਨ। ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਨੇ ਦੋਸ਼ ਲਾਇਆ ਕਿ ਭਾਜਪਾ ਨੇ ਯੂ.ਪੀ.ਏ. ਵੱਲੋਂ ਕੀਤੇ ਚੰਗੇ ਕੰਮਾਂ ਨੂੰ ਬਰਬਾਦ ਕਰ ਦਿੱਤਾ ਹੈ।
ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ, “ਇਸ ਸਾਲ ਕਸ਼ਮੀਰ ਵਿੱਚ ਤੀਹ ਟਾਰਗੇਟ ਕਿਲਿੰਗ ਹੋਏ ਹਨ। ਪੰਡਤਾਂ ਦਾ ਪਲਾਇਨ ਤੇਜ਼ੀ ਨਾਲ ਵਧ ਰਿਹਾ ਹੈ। ਯੂ.ਪੀ.ਏ. ਵੱਲੋਂ ਕੀਤੇ ਚੰਗੇ ਕੰਮਾਂ ਨੂੰ ਭਾਜਪਾ ਨੇ ਬਰਬਾਦ ਕਰ ਦਿੱਤਾ ਹੈ। ਕਾਂਗਰਸੀ ਆਗੂ ਨੇ ਦੋਸ਼ ਲਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੇ ਪ੍ਰਧਾਨ ਮੰਤਰੀ ਸੱਤਾ ਦਾ ਆਨੰਦ ਮਾਣ ਰਹੇ ਹਨ ਅਤੇ ਕਸ਼ਮੀਰ ਦੇ ਪੰਡਿਤ ਆਪਣੇ ਹੀ ਦੇਸ਼ ਵਿੱਚ ਸ਼ਰਨਾਰਥੀ ਬਣੇ ਹੋਏ ਹਨ।