ਐਸ.ਏ.ਐਸ. ਨਗਰ, 25 ਨਵੰਬਰ 2022: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਜਲਦੀ ਹੀ 22 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਰਹੇ ਹਨ । ਇਨ੍ਹਾਂ ਨਵੇਂ ਸਥਾਪਿਤ ਕੀਤੇ ਜਾਣ ਵਾਲੇ ਕਲੀਨਿਕਾ ਸਬੰਧੀ ਚੱਲ ਰਹੇ ਕੰਮਾਂ ਦਾ ਜ਼ਾਇਜਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ, ਪੀ.ਡਬਲਿਊ.ਡੀ. ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਪਹਿਲਾ ਬਣਾਏ ਗਏ ਆਮ ਆਦਮੀ ਕਲੀਨਿਕਾਂ ਤੋਂ ਇਲਾਵਾ ਹੋਰ 22 ਨਵੇਂ ਆਮ ਆਦਮੀ ਕਲੀਨਿਕ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਲਦੀ ਹੀ ਸਥਾਪਿਤ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਭਾਵੇਂ ਆਮ ਆਦਮੀ ਕਲੀਨਿਕ ਜਿਲ੍ਹੇ ਦੇ ਪ੍ਰਾਇਮਰੀ ਹੈਲਥ ਸੈਂਟਰਾ ਵਿੱਚ ਸਥਾਪਤ ਕੀਤੇ ਜਾ ਰਹੇ ਹਨ ਪ੍ਰੰਤੂ ਇਨ੍ਹਾਂ ਪ੍ਰਾਇਮਰੀ ਹੈਲਥ ਸੈਂਟਰਾਂ ਦੀਆਂ ਮੌਜੂਦਾ ਸਿਹਤ ਸੁਵਿਧਾਵਾ ਉਸੇ ਪ੍ਰਕਾਰ ਚਲਦੀਆਂ ਰਹਿਣਗੀਆਂ ਜਦਕਿ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਇਹ ਨਵੇਂ 22 ਆਮ ਆਦਮੀ ਕਲੀਨਿਕ ਵੱਖਰੇ ਤੌਰ ਤੇ ਸਥਾਪਤ ਕੀਤੇ ਜਾ ਰਹੇ ਹਨ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐਮਜ਼, ਪੀ.ਡਬਲਿਊ.ਡੀ. ਵਿਭਾਗ ਦੇ ਐਕਸੀਅਨ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ ਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿੱਚ ਜਾ ਕੇ ਨਵੇਂ ਆਮ ਆਦਮੀ ਕਲੀਨਿਕਾ ਦੀ ਤਿਆਰੀ ਸਬੰਧੀ ਕੰਮਾਂ ਵਿੱਚ ਤੇਜੀ ਲਿਆਉਂਣ ਦੀ ਹਦਾਇਤ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 31 ਦਸੰਬਰ 2022 ਤੱਕ ਇਨ੍ਹਾਂ ਨਵੇਂ 22 ਆਮ ਆਦਮੀ ਕਲੀਨਿਕਾਂ ਨੂੰ ਤਿਆਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ ।
ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਸੱਤਾ ਵਿੱਚ ਆਉਂਣ ਸਾਰ 15 ਅਗਸਤ 2022 ਨੂੰ ਪੂਰੇ ਸੂਬੇ ਵਿੱਚ 100 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਸਨ ਜਿਨ੍ਹਾ ਵਿੱਚ 14 ਆਮ ਆਦਮੀ ਕਲੀਨਿਕ ਜਿਲ੍ਹਾ ਐਸ.ਏ.ਐਸ ਨਗਰ ਵਿੱਚ ਖੋਲੇ ਗਏ । ਇਨ੍ਹਾਂ ਆਮ ਆਦਮੀ ਕਲੀਨਿਕਾ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ 26 ਜਨਵਰੀ 2023 ਤੱਕ ਸੂਬੇ ਵਿੱਚ ਹੋਰ 598 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ|
ਜਿਨ੍ਹਾ ਵਿੱਚੋਂ ਜਿਲ੍ਹਾ ਐਸ.ਏ.ਐਸ ਨਗਰ ਵਿਖੇ 22 ਆਮ ਆਦਮੀ ਕਲੀਨਿਕ ਖੁੱਲ ਰਹੇ ਹਨ । ਜਿਨ੍ਹਾ ਵਿੱਚ ਬੂਥਗੜ੍ਹ, ਪਲਹੇੜੀ, ਖਿਜ਼ਰਾਬਾਦ, ਪੰਡਵਾਲਾ, ਖਿਜ਼ਰਗੜ੍ਹ, ਲਾਂਡਰਾ, ਬਿਸੌਲੀ , ਮਜਾਤ, ਚੰਦੋ, ਮੁੱਲਾਪੁਰ, ਪਾਪੜੀ, ਸਹੌੜਾ, ਫੇਜ਼-1, ਫੇਜ਼-3ਬੀ-1, ਫੇਜ਼-7, ਫੇਜ਼-9, ਫੇਜ਼ -11, ਘੜੂੰਆਂ, ਮੁੰਡੀ ਖਰੜ, ਬਲਟਾਣਾ, ਪ੍ਰੀਤ ਕਾਲੋਨੀ ਜੀਰਕਪੁਰ ਅਤੇ ਨਵਾਂ ਗਾਓ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਥੇ ਇਕ ਮੈਡੀਕਲ ਅਫ਼ਸਰ, ਫਾਰਮਾਸਿਸਟ, ਕਲੀਨੀਕਲ ਸਹਾਇਕ ਅਤੇ ਹੈਲਪਰ ਸਮੇਤ ਚਾਰ ਅਧਿਕਾਰੀਆਂ/ਕਰਮਚਾਰੀਆਂ ਦਾ ਸਟਾਫ਼ ਤਾਇਨਾਤ ਕਰਨ ਤੋਂ ਇਲਾਵਾ 41 ਤਰ੍ਹਾਂ ਦੇ ਡਾਕਟਰੀ ਟੈਸਟ ਮੁਫ਼ਤ ਕੀਤੇ ਜਾਣਗੇ ਅਤੇ ਹੋਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਮੋਹਾਲੀ ਦੇ ਐਸ.ਡੀ.ਐਮ ਸ੍ਰੀਮਤੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ,ਸਿਵਲ ਸਰਜਨ ਡਾ ਆਦਰਸ਼ਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ , ਐਸ.ਐਮ.ਓਜ਼, ਈ.ਓਜ਼ ਅਤੇ ਕਾਰਜਕਾਰੀ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।