ਚੰਡੀਗੜ੍ਹ 10 ਅਕਤੂਬਰ 2022: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਪਰਾਲੀ ਤੇ ਨਾੜ ਸਾੜਨ ਦੀ ਦਰ ਨੂੰ ਹੋਰ ਘੱਟ ਕਰਨ ਅਤੇ ਪਰਾਲੀ ਪ੍ਰਬੰਧਨ ਲਈ ਪੰਜਾਬ ਦੇ ਉੱਚ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਦੀ ਪ੍ਰਾਪਤੀ ਲਈ ਜ਼ਿਲ੍ਹਿਆਂ ਦੇ ਸਬੰਧਤ ਅਧਿਕਾਰੀਆਂ ਨੂੰ ਆਪਣੀਆਂ ਕੋਸ਼ਿਸ਼ਾਂ ਹੋਰ ਤੇਜ਼ ਕਰ ਦੇਣੀਆਂ ਚਾਹੀਦੀਆਂ ਹਨ ਤਾਂ ਜੋ ਪੰਜਾਬ ਵਿਚ ਪਰਾਲੀ ਜਲਾਉਣ ਦੇ ਮਾਮਲਿਆਂ ਵਿਚ ਜ਼ਿਆਦਾ ਤੋਂ ਜ਼ਿਆਦਾ ਗਿਰਾਵਟ ਲਿਆਂਦੀ ਜਾ ਸਕੇ।
ਇਸ ਤੋਂ ਪਹਿਲਾਂ 22 ਸਤੰਬਰ ਨੂੰ ਵੀ ਮੁੱਖ ਸਕੱਤਰ ਨੇ ਮੀਟਿੰਗ ਕੀਤੀ ਸੀ ਅਤੇ ਇਸ ਵਕਫੇ ਦੌਰਾਨ ਹਰੇਕ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਬਾਰੇ ਇਕੱਲੇ ਇਕੱਲੇ ਡਿਪਟੀ ਕਮਿਸ਼ਨਰ ਤੋਂ ਮੁੱਖ ਸਕੱਤਰ ਨੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹਰ ਹੀਲੇ ਰੋਕਣ ਲਈ ਡੀ.ਸੀਜ਼ ਆਪੋ-ਆਪਣੇ ਜ਼ਿਲ੍ਹਿਆਂ ਵਿਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਪਰਾਲੀ ਅਤੇ ਨਾੜ ਸਾੜਨ ਤੋਂ ਰੋਕਣ ਲਈ ਹੈਪੀ ਸੀਡਰ ਅਤੇ ਅਜਿਹੇ ਹੋਰ ਸੰਦਾਂ/ਮਸ਼ੀਨਾਂ ਦੀ ਖਰੀਦ ਲਈ ਕਿਸਾਨਾਂ ਦੀ ਜ਼ਿਆਦਾ ਤੋਂ ਜ਼ਿਆਦਾ ਮਦਦ ਕੀਤੀ ਜਾਵੇ।
ਪਰਾਲੀ ਤੇ ਨਾੜ ਸਾੜਨ ਦਾ ਨਿੱਜੀ ਅਤੇ ਸਮਾਜਕ ਪੱਧਰ ‘ਤੇ ਬਹੁਤ ਜ਼ਿਆਦਾ ਨੁਕਸਾਨ
ਮੁੱਖ ਸਕੱਤਰ ਨੇ ਕਿਹਾ ਕਿ ਵਾਤਾਵਰਣ ਖਾਸ ਤੌਰ ‘ਤੇ ਹਵਾ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਪੰਜਾਬ ਸਰਕਾਰ ਪਰਾਲੀ ਨੂੰ ਸਾੜਨ ਦੀ ਥਾਂ ਇਸ ਦੇ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਨੁਕਸਾਨ ਬਾਰੇ ਸਮਝਾਇਆ ਜਾਵੇ। ਉਨ੍ਹਾਂ ਕਿਹਾ ਕਿ ਅੱਧ ਅਕਤੂਬਰ ਤੋਂ ਲੈ ਕੇ ਅੱਧ ਨਵੰਬਰ ਤੱਕ ਪਰਾਲੀ ਸਾੜਨ ਨਾਲ ਹਰ ਸਾਲ ਹਵਾ ਪ੍ਰਦੂਸ਼ਣ ਦਾ ਪੱਧਰ ਵੱਧ ਜਾਂਦਾ ਹੈ ਜਿਸ ਦਾ ਲੋਕਾਂ ਦੀ ਸਿਹਤ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ‘ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਹਰ ਹਾਲ ਵਿਚ ਪਰਾਲੀ ਸਾੜਨ ਦੀ ਥਾਂ ਉਸ ਦੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਸੂਬਾ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਨ ਕਰਕੇ ਇਸ ਸਾਲ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਵੱਡੀ ਕਮੀ ਆਉਣ ਦੀ ਸੰਭਾਵਨਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਵੱਖ-ਵੱਖ ਮਾਧਿਆਮਾਂ ਖਾਸ ਤੌਰ ‘ਤੇ ਧਾਰਮਿਕ ਸਥਾਨਾਂ ਤੋਂ ਅਨਾਊਂਸਮੈਂਟ ਕਰਵਾ ਕੇ ਅਤੇ ਐਨ.ਜੀ.ਓਜ਼ ਰਾਹੀਂ ਕਿਸਾਨਾਂ ਵਿਚ ਹੋਰ ਜਾਗਰੂਕਤਾ ਫੈਲਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਕਿ ਪਰਾਲੀ ਅਤੇ ਨਾੜ ਸਾੜਨ ਦਾ ਨਿੱਜੀ ਅਤੇ ਸਮਾਜਕ ਪੱਧਰ ‘ਤੇ ਬਹੁਤ ਜ਼ਿਆਦਾ ਨੁਕਸਾਨ ਹੈ।
ਮੁੱਖ ਸਕੱਤਰ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਹਿਲਾਂ ਵੀ ਨਾੜ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆਏ ਹਨ, ਉੱਥੇ ਪ੍ਰਸ਼ਾਸ਼ਨ ਜ਼ਿਆਦਾ ਚੌਕਸੀ ਵਰਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਰਾਹੀਂ ਵੀ ਸਮਝਾਇਆ ਜਾਵੇ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਬੱਚਿਆਂ ਨੂੰ ‘ਗੰਧਲਾ ਤੇ ਪ੍ਰਦੂਸ਼ਿਤ’ ਭਵਿੱਖ ਮਿਲੇਗਾ। ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਇਸ ਸਾਲ ਪਰਾਲੀ ਸਾੜਨ ਦੇ ਮਾਮਲੇ ਹਰ ਹਾਲਤ ਵਿਚ ਰੋਕੇ ਜਾਣ ਅਤੇ ਇਸ ਬਾਬਤ ਕੋਤਾਹੀ ਨਾ ਬਰਦਾਸ਼ਤਯੋਗ ਹੋਵੇਗੀ।