ਚੰਡੀਗੜ੍ਹ 09 ਫਰਵਰੀ 2022: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਚੋਣ ਏਜੰਟ ਰਹੇ ਐੱਸ.ਕੇ.ਸੁਪੀਅਨ (SK Supian) ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਕਲਕੱਤਾ ਹਾਈ ਕੋਰਟ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਸੁਪੀਅਨ ਨੂੰ ਚੋਣਾਂ ਤੋਂ ਬਾਅਦ ਹਿੰਸਾ ਦੇ ਮਾਮਲੇ ‘ਚ ਕੁਝ ਸ਼ਰਤਾਂ ਦੇ ਆਧਾਰ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਜਸਟਿਸ ਅਭੈ ਐਸ ਓਕ ਦੀ ਬੈਂਚ ਨੇ ਇਹ ਫੈਸਲਾ ਸੁਣਾਇਆ। ਇਸ ਤੋਂ ਪਹਿਲਾਂ 4 ਫਰਵਰੀ ਨੂੰ ਸੁਪਰੀਮ ਕੋਰਟ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨੰਦੀਗ੍ਰਾਮ ਚੋਣ ਏਜੰਟ ਐੱਸ.ਕੇ.ਸੁਪੀਅਨ (SK Supian) ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਸੀਬੀਆਈ ਦੀ ਤਰਫ਼ੋਂ ਕਪਿਲ ਸਿੱਬਲ ਅਤੇ ਸੀਬੀਆਈ ਵੱਲੋਂ ਏਐਸਜੀ ਅਮਨ ਲੇਖੀ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਜਿਕਰਯੋਗ ਹੈ ਕਿ ਸੁਣਵਾਈ ਦੌਰਾਨ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਨੰਦੀਗ੍ਰਾਮ ਚੋਣ ਏਜੰਟ ਐਸਕੇ ਸੁਪੀਅਨ ਨੂੰ ਚੋਣਾਂ ਤੋਂ ਬਾਅਦ ਹੋਈ ਹਿੰਸਾ ਵਿੱਚ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਅੰਤਰਿਮ ਸੁਰੱਖਿਆ ਦਿੱਤੀ ਗਈ ਸੀ। ਜਸਟਿਸ ਐਲ ਨਾਗੇਸ਼ਵਰ ਰਾਓ ਅਤੇ ਜਸਟਿਸ ਬੀਆਰ ਗਵਈ ਦੀ ਬੈਂਚ ਨੇ ਹੁਕਮ ਦਿੱਤਾ ਸੀ ਕਿ ਮਾਮਲੇ ਵਿੱਚ ਸੁਪੀਅਨ ਦੀ ਗ੍ਰਿਫ਼ਤਾਰੀ ਅਗਲੇ ਹੁਕਮਾਂ ਤੱਕ ਰੋਕ ਦਿੱਤੀ ਜਾਵੇਗੀ। ਇਸ ਦੌਰਾਨ ਸੁਪਰੀਮ ਕੋਰਟ ਕਲਕੱਤਾ ਹਾਈ ਕੋਰਟ ਦੇ ਸੁਪੀਅਨ ਦੀ ਪਟੀਸ਼ਨ ਨੂੰ ਖਾਰਜ ਕਰਨ ਦੇ ਹੁਕਮਾਂ ਵਿਰੁੱਧ ਅਪੀਲ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ। ਦੱਸ ਦੇਈਏ ਕਿ ਸੀਬੀਆਈ ਨੰਦੀਗ੍ਰਾਮ ਹਲਕੇ ਵਿੱਚ ਭਾਜਪਾ ਵਰਕਰ ਦੇ ਕਤਲ ਦੀ ਜਾਂਚ ਕਰ ਰਹੀ ਹੈ। ਮਈ 2021 ਵਿੱਚ ਰਾਜ ਵਿਧਾਨ ਸਭਾ ਚੋਣਾਂ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਦੀ ਜਿੱਤ ਤੋਂ ਬਾਅਦ ਪੱਛਮੀ ਬੰਗਾਲ ਵਿੱਚ ਹਿੰਸਾ ਦੌਰਾਨ ਵਰਕਰ ਦੀ ਮੌਤ ਹੋ ਗਈ ਸੀ।