ਚੰਡੀਗੜ੍ਹ, 28 ਫਰਵਰੀ 2023: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ (Budget Session) 3 ਮਾਰਚ ਨੂੰ ਹੋਵੇਗਾ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਸਦੀ ਮਨਜ਼ੂਰੀ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਪੰਜਾਬ ਸਰਕਾਰ ਵਲੋਂ ਸੱਦੇ ਬਜਟ ਸੈਸ਼ਨ (Budget Session) ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਇਸ ਫੈਸਲੇ ਨੂੰ ਚੁਣੌਤੀ ਦੇਣ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਜਾਰੀ ਹੈ | ਪੰਜਾਬ ਸਰਕਾਰ ਨੇ ਚੀਫ ਜਸਟਿਸ ਬੈਂਚ ਅੱਗੇ ਫੌਰੀ ਸੁਣਵਾਈ ਕਰਨ ਦੀ ਮੰਗ ਕੀਤੀ ਹੈ |
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਦੇਣ ਲਈ ਪਾਬੰਦ ਹੈ। ਪੰਜਾਬ ਸਰਕਾਰ ਅਤੇ ਰਾਜਪਾਲ ਵਿਚਾਲੇ ਚੱਲ ਰਹੀ ਤਕਰਾਰ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਸੰਵਿਧਾਨਕ ਅਥਾਰਟੀਆਂ ਨੂੰ ਅਧਿਕਾਰਤ ਸੰਚਾਰ ਵਿਚ ਇਕ ਖਾਸ ਪੱਧਰ ਦਾ ਸੰਚਾਰ ਕਾਇਮ ਰੱਖਣਾ ਪੈਂਦਾ ਹੈ। ਇਸਦੇ ਨਾਲ ਹੀ ਵਿਧਾਨ ਸਭਾ ਬੁਲਾਉਣ ਬਾਰੇ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰਨਾ ਰਾਜਪਾਲ ਦਾ ਕਰਤੱਵ ਹੈ । ਇਸ ਤੋਂ ਪਹਿਲਾਂ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਪੰਜਾਬ ਦੇ ਰਾਜਪਾਲ ਸੰਵਿਧਾਨ ਦੀ ਪਾਲਣਾ ਨਹੀਂ ਕਰ ਰਹੇ ਹਨ।
ਪੰਜਾਬ ਸਰਕਾਰ ਨੇ ਮਾਰਚ ਮਹੀਨੇ ਵਿੱਚ ਬਜਟ ਸੈਸ਼ਨ ਬੁਲਾਉਣ ਲਈ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਭੇਜਿਆ ਸੀ, ਪਰ ਰਾਜਪਾਲ ਨੇ ਆਪਣੇ ਜਵਾਬ ਵਿੱਚ ਇਹ ਕਹਿ ਕੇ ਬਜਟ ਸੈਸ਼ਨ ਨੂੰ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੇ ਪੱਤਰ ਦੇ ਜਵਾਬ ਵਿੱਚ ਟਵੀਟ ਕੀਤਾ, ਜੋ ਕਿ ਅਪਮਾਨਜਨਕ ਸੀ। ਇਸ ਦੇ ਲਈ ਉਹ ਕਾਨੂੰਨੀ ਸਲਾਹ ਲੈ ਰਿਹਾ ਹੈ। ਉਹ ਕਾਨੂੰਨੀ ਸਲਾਹ ਤੋਂ ਬਾਅਦ ਹੀ ਮਨਜ਼ੂਰੀ ਬਾਰੇ ਫੈਸਲਾ ਕਰੇਗਾ।