ਖਟਕੜ ਕਲਾਂ, 26 ਜਨਵਰੀ, 2023: ਪੰਜਾਬ ਦੇ ਟਰਾਂਸਪੋਰਟ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਆਖਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਤੋਂ ਸਹੁੰ ਚੁੱਕ ਕੇ ਮੁੱਖ ਮੰਤਰੀ ਬਣੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ ਵਚਨਬੱਧ ਹੈ।
ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸਰਦਾਰ ਭਗਤ ਸਿੰਘ ਦੇ ਬੁੱਤ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਨਤਮਸਤਕ ਹੋਣ ਆਏ ਟਰਾਂਸਪੋਰਟ ਮੰਤਰੀ ਨੇ ਆਖਿਆ ਕਿ 10 ਮਹੀਨੇ ਦੇ ਲੋਕ ਪੱਖੀ ਫ਼ੈਸਲੇ ਸ਼ਹੀਦਾਂ ਦੇ ਸੁਫ਼ਨਿਆਂ ਦਾ ਪੰਜਾਬ ਸਿਰਜਣ ਵੱਲ ਵਧਦੇ ਕਦਮ ਹਨ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸੁਫ਼ਨਿਆਂ ਨੂੰ ਬੂਰ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਆਮ ਲੋਕਾਂ ਨੂੰ ਹਰ ਸੁੱਖ-ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਹੁਣ ਤੱਕ 25 ਹਜ਼ਾਰ ਸਰਕਾਰੀ ਨੌਕਰੀਆਂ ਦੇ ਨਿਯੁੱਕਤੀ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਦੇ ਨਾਲ 36 ਹਜ਼ਾਰ ਕੱਚੇ ਕਾਮਿਆਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਵੀ ਜ਼ੋਰਾਂ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇੱਕ ਤੋਂ ਬਾਅਦ ਇੱਕ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਸੂਬੇ ’ਚ ਪਹਿਲਾਂ ਖੋਲ੍ਹੇ 100 ਆਮ ਆਦਮੀ ਕਲੀਨਿਕਾਂ ਨੇ ਲੋਕਾਂ ਨੂੰ ਇਲਾਜ ’ਚ ਵੱਡੀ ਰਾਹਤ ਦਿੱਤੀ ਹੈ। ਇਸ ਸਿਹਤ ਮਾਡਲ ਤੋਂ ਉਤਸ਼ਾਹਿਤ ਹੋ ਕੇ 400 ਹੋਰ ਆਮ ਆਦਮੀ ਕਲੀਨਿਕ ਲੋਕ ਅਰਪਣ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਹਰੇਕ ਸ਼ਹਿਰ, ਹਰੇਕ ਵਾਰਡ, ਹਰੇਕ ਪਿੰਡ ’ਚ ਲੋਕਾਂ ਨੂੰ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਵਿੱਚ ਮੁਫ਼ਤ ਟੈਸਟ ਤੇ ਦਵਾਈਆਂ ਸ਼ਾਮਿਲ ਹਨ। ਇਸ ਮੌਕੇ ਉਨ੍ਹਾਂ ਨਾਲ ਆਪ ਦੇ ਸੀਨੀਅਰ ਆਗੂ ਲਲਿਤ ਮੋਹਨ ਪਾਠਕ, ਕੁਲਜੀਤ ਸਿੰਘ ਸਰਹਾਲ, ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਤਨਾਮ ਜਲਾਲਪੁਰ, ਅਸ਼ੋਕ ਕਟਾਰੀਆ, ਇੰਪਰੂਵਮੈਂਟ ਟ੍ਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਪ ਆਗੂ ਬਲਵੀਰ ਸਿੰਘ ਕਰਨਾਣਾ ਤੇ ਜ਼ਿਲ੍ਹਾ ਸਕੱਤਰ ਗਗਨ ਅਗਨੀਹੋਤਰੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਦੇ ਸਵਾਗਤ ਲਈ ਪ੍ਰਸ਼ਾਸਨਿਕ ਅਧਿਕਾਰੀਆਂ ’ਚ ਡੀ ਸੀ ਨਵਜੋਤ ਪਾਲ ਸਿੰਘ ਰੰਧਾਵਾ, ਐਸ ਐਸ ਪੀ ਭਾਗੀਰਥ ਸਿੰਘ ਮੀਣਾ, ਏ ਡੀ ਸੀ (ਜ) ਰਾਜੀਵ ਵਰਮਾ, ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਡਾ. ਸ਼ਿਵਰਾਜ ਸਿੰਘ ਬੱਲ, ਡੀ ਐਸ ਪੀ ਬੰਗਾ ਸਰਵਣ ਸਿੰਘ ਬੱਲ, ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਜਸਬੀਰ ਸਿੰਘ ਕੋਟਲਾ ਮੌਜੂਦ ਸਨ।