ਮੁੱਖ ਮੰਤਰੀ ਦੇ ਆਦੇਸ਼ਾਂ ‘ਤੇ ਫਿਲੌਰ ‘ਚ ਬਾਬਾ ਸਾਹਿਬ ਅੰਬੇਡਕਰ ਦਾ ਬੁੱਤ ਤੋੜਨ ਵਾਲਾ ਕਾਬੂ

ਮੁੱਖ ਮੰਤਰੀ

ਚੰਡੀਗੜ੍ਹ, 21 ਸਤੰਬਰ 2021 : ਪੰਜਾਬ ਦੇ ਮੁੱਖ ਮੰਤਰੀ  ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਪੁਲੀਸ ਨੇ ਸੋਮਵਾਰ ਦੀ ਅੱਧੀ ਰਾਤ ਨੂੰ ਜਲੰਧਰ ਜ਼ਿਲ੍ਹੇ ਦੇ ਸ਼ਹਿਰ ਫਿਲੌਰ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੋਸ਼ੀ ਦੀ ਸ਼ਨਾਖ਼ਤ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਹੁਸਨ ਨਿਜਰਾ ਵਿਚ ਪਿੰਡ ਜਵਾਨੀਆ ਦਾ ਵਾਸੀ ਭਿਖੂ ਮੀਨਾ (25) ਵਜੋਂ ਹੋਈ ਹੈ। ਭਿਖੂ ਮੀਨਾ ਨੇ ਪੱਥਰ ਅਤੇ ਗਮਲਾ ਸੁੱਟ ਕੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।

ਇਸ ਘਟਨਾ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਇਕ ਘਟਨਾ ਕਰਾਰ ਦਿੱਤਾ ਹੈ ਜਿਸ ਨਾਲ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਨ ਵਾਲੇ ਸਮੂਹ ਲੋਕਾਂ ਦੇ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚੀ ਹੈ।

ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦੇ ਹੋਏ  ਚੰਨੀ ਨੇ ਕਿਹਾ ਕਿ ਅਜਿਹੇ ਘਿਨਾਉਣੇ ਕਾਰਿਆਂ ਵਿਚ ਸ਼ਾਮਲ ਅਨਸਰਾਂ ਖਿਲਾਫ਼ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸੂਬੇ ਦੇ ਪੁਲੀਸ ਮੁਖੀ ਨੂੰ ਸੂਬੇ ਦੇ ਕੋਨੇ-ਕੋਨੇ ਵਿਚ ਚੌਕਸੀ ਵਧਾਉਣ ਦੇ ਹੁਕਮ ਪਹਿਲਾਂ ਹੀ ਦੇ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਦੇ ਹਾਲਾਤ ਸਦਾ ਹੀ ਸੰਵੇਦਨਸ਼ੀਲ ਰਹਿੰਦੇ ਹਨ ਪਰ ਸੂਬਾ ਸਰਕਾਰ ਇਸ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਪੰਜਾਬ ਵਿਚ ਬੇਚੈਨੀ ਪੈਦਾ ਕਰਨ ਦੀ ਕੋਸ਼ਿਸ਼ਾਂ ਵਾਲੇ ਸਮਾਜ ਵਿਰੋਧੀ ਅਤੇ ਦੇਸ਼ ਵਿਰੋਧੀ ਤੱਤਾਂ ਦੇ ਨਾਪਾਕ ਇਰਾਦਿਆਂ ਨੂੰ ਸਿਰ ਨਹੀਂ ਚੁੱਕਣ ਦਿਆਂਗੇ।

ਲੋਕਾਂ ਨੂੰ ਪੂਰਾ ਸਮਰਥਨ ਤੇ ਸਹਿਯੋਗ ਲਈ ਅਪੀਲ ਕਰਦਿਆਂ  ਚੰਨੀ ਨੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਰੋਲ ਅਦਾ ਕੀਤਾ ਜਾਵੇ ਤਾਂ ਕਿ ਪੰਜਾਬ ਵਿਚ ਹੋਰ ਵੀ ਵਧੇਰੇ ਸ਼ਾਂਤੀਪਸੰਦ ਅਤੇ ਸਦਭਾਵਨਾ ਵਾਲੇ ਮਾਹੌਲ ਸਿਰਿਜਆ ਜਾ ਸਕੇ।

Leave a Reply

Your email address will not be published. Required fields are marked *