ਚੰਡੀਗੜ੍ਹ , 18 ਮਾਰਚ 2023: ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਮਾਮਲੇ ਨੂੰ ਲੈ ਕੇ ਅੰਤਰਿਮ ਰਿਪੋਰਟ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਉਕਤ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਦਾਇਰ ਜਾਂਚ ਰਿਪੋਰਟ ਦੇ ਆਧਾਰ ’ਤੇ ਪੰਜਾਬ ਸਰਕਾਰ ਨੇ 9 ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਰਸਮੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ।
ਫਿਲਹਾਲ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰਨ ਲਈ ਮੁੱਖ ਮੰਤਰੀ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਸੁਣਵਾਈ ਦਾ ਮੌਕਾ ਦੇ ਕੇ ਉਨ੍ਹਾਂ ਦਾ ਪੱਖ ਜਾਣਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਪੱਤਰ ਲਿਖ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਸੀ।