ਹੁਸੈਨੀਵਾਲਾ (ਫ਼ਿਰੋਜ਼ਪੁਰ), 24 ਮਾਰਚ 2023: ਨੌਜਵਾਨਾਂ ਨੂੰ ਸਮਾਜ ਦੀ ਨਿਰਸਵਾਰਥ ਸੇਵਾ ਲਈ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇਕ ਮਿਸਾਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਛੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਯੂਥ ਐਵਾਰਡ (Shaheed Bhagat Singh Youth Awards) ਪ੍ਰਦਾਨ ਕੀਤੇ।
ਮੁੱਖ ਮੰਤਰੀ ਨੇ ਨਵਜੋਤ ਕੌਰ (ਬਰਨਾਲਾ), ਮਨੋਜ ਕੁਮਾਰ (ਮਾਨਸਾ), ਬੇਅੰਤ ਕੌਰ (ਬਠਿੰਡਾ), ਓਮਕਾਰ ਮੋਹਨ ਸਿੰਘ (ਰੂਪਨਗਰ), ਗੁਰਜੋਤ ਸਿੰਘ ਕਲੇਰ (ਮੋਹਾਲੀ) ਅਤੇ ਸੁਖਦੀਪ ਕੌਰ (ਬਠਿੰਡਾ) ਸਣੇ ਛੇ ਨੌਜਵਾਨਾਂ ਨੂੰ ਇਹ ਐਵਾਰਡ ਦਿੱਤਾ। ਇਨ੍ਹਾਂ ਨੌਜਵਾਨਾਂ ਦੀ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਹ ਨੌਜਵਾਨ ਸਮਾਜ ਦੀ ਭਲਾਈ ਲਈ ਅਗਾਂਹ ਵੀ ਉਸਾਰੂ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਐਵਾਰਡਾਂ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਉਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਦੇਸ਼ ਲਈ ਦਿੱਤਾ ਮਹਾਨ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਦਾ ਰਿਹਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਯੁਵਾ ਐਵਾਰਡ (Shaheed Bhagat Singh Youth Awards) ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜਿਹੜੇ ਅੱਜ ਨੌਜਵਾਨਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਐਵਾਰਡ ਹਰ ਸਾਲ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਇਹ ਐਵਾਰਡ ਸੱਤ ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕੀਤਾ ਹੈ
ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਕੌਮੀ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਹੋ ਕੇ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਆਜ਼ਾਦ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਬਿਨਾਂ ਸਵਾਰਥ ਸੇਵਾ ਕਰਨ ਲਈ ਸ਼ਹੀਦ-ਏ-ਆਜ਼ਮ ਹਮੇਸ਼ਾ ਨੌਜਵਾਨਾਂ ਵਾਸਤੇ ਪ੍ਰੇਰਨਾ ਦਾ ਸਰੋਤ ਰਹਿਣਗੇ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਮੁਲਕ ਨੂੰ ਪ੍ਰਗਤੀਸ਼ੀਲ ਤੇ ਖ਼ੁਸ਼ਹਾਲੀ ਵੱਲ ਲੈ ਕੇ ਜਾਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮ ਉਤੇ ਚੱਲਣ।
ਮੁੱਖ ਮੰਤਰੀ ਨੇ ਹਰੇਕ ਪਿੰਡ ਵਿੱਚ ਸਟੇਡੀਅਮ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਦਮ ਵਾਲੀ ਨਵੀਂ ਤੇ ਨਿਵੇਕਲੀ ਸਕੀਮ ‘ਖੇਡ ਮੈਦਾਨ, ਹਰ ਪਿੰਡ ਦੀ ਪਛਾਣ’ ਦੀ ਵੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਉਸਾਰੂ ਪਾਸੇ ਲਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਨੌਜਵਾਨਾਂ ਦਾ ਸਮੁੱਚਾ ਵਿਕਾਸ ਯਕੀਨੀ ਬਣਾਉਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। ਇਸ ਸਮੇਂ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।