ਚੰਡੀਗੜ੍ਹ, 28 ਫਰਵਰੀ 2023: ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਪੰਜ ਦਿਨ ਦੇ ਸੀਬੀਆਈ ਰਿਮਾਂਡ ‘ਤੇ ਚੱਲ ਰਹੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਸੁਪਰੀਮ ਕੋਰਟ ਪਹੁੰਚੇ। ਉਨ੍ਹਾਂ ਦੀ ਤਰਫੋਂ ਵਕੀਲਾਂ ਨੇ ਗ੍ਰਿਫਤਾਰੀ ਦੇ ਖ਼ਿਲਾਫ਼ ਅਤੇ ਸੀਬੀਆਈ ਦੇ ਕੰਮ ਕਰਨ ਦੇ ਤਰੀਕੇ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ।
ਸੁਪਰੀਮ ਕੋਰਟ ‘ਚ ਦੋ ਜੱਜਾਂ ਦੀ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਚੀਫ਼ ਜਸਟਿਸ ਚੰਦਰਚੂੜ ਅਤੇ ਜਸਟਿਸ ਨਰਸਿਮਹਾ ਦੀ ਬੈਂਚ ਅੱਗੇ ਮਨੀਸ਼ ਸਿਸੋਦੀਆ ਦਾ ਪੱਖ ਪੇਸ਼ ਕੀਤਾ। ਸੁਣਵਾਈ ਦੌਰਾਨ ਜੱਜਾਂ ਨੇ ਕਿਹਾ ਕਿ ਤੁਸੀਂ ਦਿੱਲੀ ਹਾਈਕੋਰਟ ਜਾ ਸਕਦੇ ਸੀ। ਸਿੱਧੇ ਤੌਰ ‘ਤੇ ਸੁਪਰੀਮ ਕੋਰਟ ਵਿਚ ਆਉਣਾ ਚੰਗੀ ਪਰੰਪਰਾ ਨਹੀਂ ਹੈ। ਤੁਹਾਡੇ ਕੋਲ ਜ਼ਮਾਨਤ ਲਈ ਹਾਈ ਕੋਰਟ ਦਾ ਵਿਕਲਪ ਹੈ।
ਜਸਟਿਸ ਪੀਐਸ ਨਰਸਿਮਹਾ ਨੇ ਕਿਹਾ ਕਿ ਮਾਮਲਾ ਦਿੱਲੀ ਵਿੱਚ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਤੁਸੀਂ ਸਿੱਧੇ ਸੁਪਰੀਮ ਕੋਰਟ ਤੱਕ ਪਹੁੰਚ ਕਰੋ। ਉਨ੍ਹਾਂ ਕਿਹਾ ਕਿ ਉਪ ਮੁੱਖ ਮੰਤਰੀ ਸਿਸੋਦੀਆ ਕੋਲ ਆਪਣੀ ਜ਼ਮਾਨਤ ਸਬੰਧੀ ਕਈ ਵਿਕਲਪ ਹਨ। ਉਸ ਨੂੰ ਦਿੱਲੀ ਹਾਈਕੋਰਟ ਜਾਣਾ ਚਾਹੀਦਾ ਹੈ। ਅਸੀਂ ਇਸ ਮਾਮਲੇ ਵਿੱਚ ਦਖਲ ਨਹੀਂ ਦੇ ਸਕਦੇ। ਦੂਜੇ ਪਾਸੇ ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਹੁਣ ਸੁਪਰੀਮ ਕੋਰਟ ਦੀ ਸਲਾਹ ‘ਤੇ ਇਸ ਮਾਮਲੇ ਨੂੰ ਹਾਈਕੋਰਟ ‘ਚ ਲੈ ਕੇ ਜਾਵੇਗੀ। ‘ਆਪ’ ਪਾਰਟੀ ਨੇ ਕਿਹਾ ਕਿ ਅਸੀਂ ਅਦਾਲਤ ਦਾ ਸਨਮਾਨ ਕਰਦੇ ਹਾਂ।
ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਪੰਜ ਦਿਨਾਂ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹਵਾਲੇ ਕਰ ਦਿੱਤਾ ਹੈ। ਅਦਾਲਤ ਨੇ ਸਹਿਮਤੀ ਪ੍ਰਗਟਾਈ ਕਿ ਜਾਂਚ ਦੇ ਹਿੱਤ ਵਿੱਚ ਰਿਮਾਂਡ ਜ਼ਰੂਰੀ ਹੈ। ਦੂਜੇ ਪਾਸੇ ਸਿਸੋਦੀਆ ਨੂੰ ਦੱਸਿਆ ਗਿਆ ਕਿ ਤਤਕਾਲੀ ਲੈਫਟੀਨੈਂਟ ਗਵਰਨਰ ਨੇ ਆਬਕਾਰੀ ਨੀਤੀ ‘ਚ ਬਦਲਾਅ ਨੂੰ ਮਨਜ਼ੂਰੀ ਦੇ ਦਿੱਤੀ ਸੀ ਪਰ ਸੀ.ਬੀ.ਆਈ. ਚੁਣੀ ਹੋਈ ਸਰਕਾਰ ਦੇ ਪਿੱਛੇ ਪਈ ਹੈ |