Site icon TheUnmute.com

CM ਭਗਵੰਤ ਮਾਨ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ‘ਚ ਦਾਖਲ ਕਰਵਾਉਣ ਦੀ ਅਪੀਲ

School of Eminence

ਚੰਡੀਗੜ੍ਹ, 24 ਫਰਵਰੀ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਕੂਲੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (Schools of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਮਾਪੇ https://schoolofeminence.pseb.ac.in ਲਿੰਕ ‘ਤੇ ਕਲਿੱਕ ਕਰਕੇ ਆਪਣੇ ਬੱਚਿਆਂ ਨੂੰ ਇਨ੍ਹਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖਲ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਦਾਖਲੇ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ 15 ਮਾਰਚ ਤੱਕ ਚੱਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਪਿਆਂ ਲਈ ਇਹ ਸੁਨਹਿਰੀ ਮੌਕਾ ਹੈ ਕਿ ਉਹ ਇਨ੍ਹਾਂ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲਾ ਕਰਵਾ ਕੇ ਉਨ੍ਹਾਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ।

ਮੁੱਖ ਮੰਤਰੀ ਨੇ ਦੱਸਿਆ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ (Schools of Eminence) ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਭਵਿੱਖੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਸਹਾਇਤਾ ਅਤੇ ਸਮਰੱਥਾ ਦੇ ਪੰਜ ਥੰਮ੍ਹਾਂ ਜਿਵੇਂ ਬੁਨਿਆਦੀ ਢਾਂਚਾ, ਅਕਾਦਮਿਕ, ਮਨੁੱਖੀ ਸਰੋਤ ਪ੍ਰਬੰਧਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਭਾਈਚਾਰਕ ਸ਼ਮੂਲੀਅਤ ‘ਤੇ ਸਥਾਪਿਤ ਕੀਤੇ ਗਏ ਹਨ ਤਾਂ ਜੋ ਉੱਚ ਸਿੱਖਿਆ, ਰੁਜ਼ਗਾਰ ਅਤੇ ਸਿਖਲਾਈ ਲਈ ਵਿਦਿਆਰਥੀਆਂ ਦੀ ਵਿਅਕਤੀਗਤ ਯੋਗਤਾ ਅਤੇ ਹੁਨਰ ਨੂੰ ਨਿਖਾਰਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਉਹ ਸਮਾਂ ਬਹੁਤਾ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਤੋਂ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਦੇਸ਼ ਭਰ ਵਿੱਚ ਹਰ ਖੇਤਰ ‘ਚ ਮੱਲਾਂ ਮਾਰਨਗੇ।

Exit mobile version