Site icon TheUnmute.com

ਤਿੰਨ ਮਹੀਨੇ ਬਾਅਦ ਵੀ ਇਮੀਗ੍ਰੇਸ਼ਨ ਧੋਖਾਧੜੀ ਦਾ ਦੋਸ਼ੀ ਗ੍ਰਿਫ਼ਤਾਰ ਨਹੀਂ ਹੋਇਆ: ਪ੍ਰਤਾਪ ਬਾਜਵਾ

Partap Singh Bajwa

ਚੰਡੀਗੜ੍ਹ, 17 ਜੂਨ 2023: ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Partap Bajwa) ਨੇ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਮੀਗ੍ਰੇਸ਼ਨ ਧੋਖਾਧੜੀ ਦੇ ਮਾਮਲੇ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਉਸ ਦੀ ਢਿੱਲੀ ਪਹੁੰਚ ਲਈ ਝਿੜਕਿਆ, ਜਿਸ ਵਿੱਚ ਲਗਭਗ 700 ਭਾਰਤੀ, ਜ਼ਿਆਦਾਤਰ ਪੰਜਾਬੀ, ਅੰਤਰਰਾਸ਼ਟਰੀ ਵਿਦਿਆਰਥੀ ਕੈਨੇਡਾ ਵਿੱਚ ਦੇਸ਼ ਨਿਕਾਲੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਨ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸ ਮੁੱਦੇ ਨੂੰ ਸਾਹਮਣੇ ਆਏ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਇਸ ਇਮੀਗ੍ਰੇਸ਼ਨ ਘੁਟਾਲੇ ਦੇ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਪੰਜਾਬ ਪੁਲਿਸ ਨੇ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ। “ਮੈਂ ਇਹ ਜਾਨਣ ਲਈ ਬਹੁਤ ਉਤਸੁਕ ਹਾਂ ਕਿ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਹੋਣ ਤੋਂ ਬਚਾਉਣ ਲਈ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਜਾਂ ਕੀ ਇਹ ਪੰਜਾਬ ਦੀ ‘ਆਪ’ ਸਰਕਾਰ ਦੀ ਸਰਾਸਰ ਲਾਪਰਵਾਹੀ ਹੈ ਕਿਉਂਕਿ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਅਜੇ ਵੀ ਗ੍ਰਿਫ਼ਤਾਰ ਨਹੀਂ ਹੋਇਆ?” ਬਾਜਵਾ ਨੇ ਪੁੱਛਿਆ।

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ ਹੁਣ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਆਖ਼ਰਕਾਰ ਪੰਜਾਬ ਪੁਲਿਸ ਡੂੰਘੀ ਨੀਂਦ ਤੋਂ ਜਾਗ ਪਈ ਅਤੇ ਇਸ ਮਾਮਲੇ ਦੀ ਜਾਂਚ ਲਈ 12 ਜੂਨ (ਸੋਮਵਾਰ) ਨੂੰ ਇੱਕ ਐਸਆਈਟੀ ਦਾ ਗਠਨ ਕੀਤਾ, ਜੋ ਕਿ ਇੱਕ ਖਾਨਾ ਪੂਰਤੀ ਤੋਂ ਇਲਾਵਾ ਕੁਝ ਵੀ ਨਹੀਂ ਜਾਪਦਾ।

ਬਾਜਵਾ (Partap Bajwa) ਨੇ ਅੱਗੇ ਕਿਹਾ, “ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ, ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਇਸ ਮਾਮਲੇ ਦੀ ਜਾਂਚ ਕਰਵਾਉਣ ਅਤੇ ਮੁੱਖ ਮੁਲਜ਼ਮਾਂ ਨੂੰ ਫੜਨ ਲਈ ਉਨ੍ਹਾਂ ਨੂੰ ਹੁਣ ਤੱਕ ਕਿਸ ਨੇ ਰੋਕਿਆ ਹੈ।”

ਇੱਕ ਬਿਆਨ ‘ਚ ਬਾਜਵਾ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਜ਼ਿਆਦਾਤਰ ਪੀੜਤ ਆਮ ਪਰਿਵਾਰਾਂ ਨਾਲ ਸਬੰਧਿਤ ਹਨ। ਜ਼ਿਆਦਾਤਰ ਵਿਦਿਆਰਥੀਆਂ ਦੇ ਪਰਿਵਾਰਾਂ ਨੇ ਜਾਂ ਤਾਂ ਬੈਂਕਾਂ ਤੋਂ ਭਾਰੀ ਕਰਜ਼ੇ ਲਏ, ਆਪਣੀਆਂ ਜਾਇਦਾਦਾਂ ਵੇਚ ਦਿੱਤੀਆਂ, ਜਾਂ ਆਪਣੇ ਰਿਸ਼ਤੇਦਾਰਾਂ ਤੋਂ ਪੈਸੇ ਉਧਾਰ ਲੈ ਕੇ ਉਨ੍ਹਾਂ ਨੂੰ ਕੈਨੇਡਾ ਭੇਜਿਆ ਤਾਂ ਜੋ ਉਹ ਉੱਥੇ ਸੈਟਲ ਹੋ ਸਕਣ ਅਤੇ ਆਪਣੇ ਸੁਪਨੇ ਪੂਰੇ ਕਰ ਸਕਣ।”

ਵਿਰੋਧੀ ਧਿਰ ਦੇ ਆਗੂ ਨੇ ਕਿਹਾ “ਇਨ੍ਹਾਂ ਵਿਦਿਆਰਥੀਆਂ ਦੇ ਨਾਲ-ਨਾਲ ਕੁਝ ਕੈਨੇਡਾ-ਆਧਾਰਤ ਅਧਿਕਾਰ ਸਮੂਹਾਂ ਵੱਲੋਂ ਭਾਰੀ ਵਿਰੋਧ ਪ੍ਰਦਰਸ਼ਨਾਂ ਦੀ ਇੱਕ ਲੜੀ ਨੂੰ ਆਯੋਜਿਤ ਕਰਨ ਤੋਂ ਬਾਅਦ, ਕੈਨੇਡਾ ਵਿੱਚ ਇਮੀਗ੍ਰੇਸ਼ਨ, ਰਿਫਿਊਜੀਜ਼ ਅਤੇ ਸਿਟੀਜ਼ਨਸ਼ਿਪ (ਆਈਆਰਸੀਸੀ) ਮੰਤਰਾਲੇ ਨੇ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਅਸਥਾਈ ਰਾਹਤ ਦਾ ਐਲਾਨ ਕੀਤਾ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸ਼ੋਨ ਫਰੇਜ਼ਰ ਨੇ ਭਰੋਸਾ ਦਿੱਤਾ ਹੈ ਕਿ ਜਿਨ੍ਹਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਧੋਖਾਧੜੀ ਵਿੱਚ ਕੋਈ ਸ਼ਮੂਲੀਅਤ ਨਹੀਂ ਸੀ, ਉਨ੍ਹਾਂ ਨੂੰ ਦੇਸ਼ ਨਿਕਾਲੇ ਦਾ ਸਾਹਮਣਾ ਨਹੀਂ ਕਰਨਾ ਪਵੇਗਾ”।

Exit mobile version