Bharat Bhushan Ashu

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਮੁਸ਼ਕਿਲਾਂ ‘ਚ ਵਾਧਾ, ਪੰਜਾਬ ਸਰਕਾਰ ਵਲੋਂ ਵਿਜੀਲੈਂਸ ਨੂੰ ਮੁਕੱਦਮਾ ਚਲਾਉਣ ਦੀ ਇਜਾਜ਼ਤ

ਚੰਡੀਗੜ੍ਹ 28 ਨਵੰਬਰ 2022: ਪੰਜਾਬ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਗ੍ਰਿਫਤਾਰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu) ਦੀਆਂ ਮੁਸ਼ਕਿਲਾਂ ਵਧਦੀਆਂ ਨਜਰ ਆ ਰਹੀਆਂ ਹਨ । ‘ਆਪ’ ਸਰਕਾਰ ਨੇ ਵਿਜੀਲੈਂਸ ਨੂੰ ਆਸ਼ੂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਵਿਜੀਲੈਂਸ ਨੇ ਸਰਕਾਰ ਤੋਂ ਇਹ ਮੰਗ ਕੀਤੀ ਸੀ।ਵਿਜੀਲੈਂਸ ਨੇ 22 ਅਗਸਤ ਨੂੰ ਟਰਾਂਸਪੋਰਟ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਆਸ਼ੂ ਨੂੰ ਸੈਲੂਨ ਵਿੱਚੋਂ ਗ੍ਰਿਫ਼ਤਾਰ ਕੀਤਾ ਸੀ।

22 ਅਗਸਤ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਆਸ਼ੂ ਇਸ ਮਾਮਲੇ ਵਿੱਚ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਹੈ। ਵਿਜੀਲੈਂਸ ਬਿਊਰੋ ਨੇ 14 ਨਵੰਬਰ ਨੂੰ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ (ਆੜ੍ਹਤੀਆ) ਕ੍ਰਿਸ਼ਨ ਲਾਲ ਧੋਤੀ ਵਾਲਾ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

ਲੁਧਿਆਣਾ ਰੇਂਜ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਸਾਬਕਾ ਮੰਤਰੀ ਆਸ਼ੂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਮੁਕੱਦਮੇ ਦੀ ਮਨਜ਼ੂਰੀ ਲਈ ਪੰਜਾਬ ਸਰਕਾਰ ਨੂੰ ਅਰਜ਼ੀ ਦਿੱਤੀ ਸੀ, ਜੋ ਉਨ੍ਹਾਂ ਨੂੰ ਪ੍ਰਾਪਤ ਹੋ ਗਈ ਹੈ । ਵਿਜੀਲੈਂਸ ਬਿਊਰੋ ਵੱਲੋਂ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਤਿੰਨ ਠੇਕੇਦਾਰ ਅਤੇ ਕਮਿਸ਼ਨ ਏਜੰਟ ਹਨ |

ਐਸਐਸਪੀ ਸੰਧੂ ਨੇ ਦੱਸਿਆ ਕਿ ਬਰਖਾਸਤ ਡਿਪਟੀ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਆਰਕੇ ਸਿੰਗਲਾ ਨੂੰ ਹਾਲੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਸਿੰਗਲਾ ਨੂੰ ਪਹਿਲਾਂ ਹੀ ਬਰਖਾਸਤ ਕੀਤਾ ਜਾ ਚੁੱਕਾ ਹੈ। ਇਸ ਕਾਰਨ ਉਸ ‘ਤੇ ਮੁਕੱਦਮਾ ਚਲਾਉਣ ਲਈ ਮੁਕੱਦਮੇ ਦੀ ਮਨਜ਼ੂਰੀ ਦੀ ਲੋੜ ਨਹੀਂ ਹੈ।

Scroll to Top