ਚੰਡੀਗੜ੍ਹ 30 ਦਸੰਬਰ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਕੋਲੋਂ ਸਿੰਜਾਈ ਵਿਭਾਗ ’ਚ ਹੋਏ 1200 ਕਰੋੜ ਦੇ ਕਥਿਤ ਬਹੁ-ਕਰੋੜੀ ਘੁਟਾਲੇ ਬਾਰੇ ਪੁੱਛਗਿੱਛ ਲਈ ਤਲਬ ਗਿਆ, ਇਸਦੇ ਚੱਲਦੇ ਸੇਖੋਂ ਅੱਜ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਪਹੁੰਚੇ। ਵਿਜੀਲੈਂਸ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਇਹ ਘੁਟਾਲਾ ਅਕਾਲੀ-ਭਾਜਪਾ ਸਰਕਾਰ ਵੇਲੇ ਹੋਇਆ ਸੀ।
ਗੌਰਤਲਬ ਹੈ ਕਿ ਵਿਜੀਲੈਂਸ ਨੇ ਜਾਂਚ ਲਈ ਸੀਨੀਅਰ ਅਧਿਕਾਰੀਆਂ ਦੀ ਟੀਮ ਦਾ ਗਠਨ ਕੀਤਾ ਹੈ। ਸਵਾਲਾਂ ਦਾ ਪ੍ਰੋਫਾਰਮਾ ਤਿਆਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਨਾਲ ਹੀ ਹੁਣ ਤੱਕ ਮਿਲੇ ਸੁਰਾਗ ਦੀ ਵੀ ਜਾਂਚ ਕੀਤੀ ਜਾਵੇਗੀ। ਵਿਜੀਲੈਂਸ ਵੱਲੋਂ ਇਸ ਤੋਂ ਪਹਿਲਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ, ਸਾਬਕਾ ਆਈਏਐਸ ਅਧਿਕਾਰੀ ਕਾਹਨ ਸਿੰਘ ਪੰਨੂ ਤੇ ਅਕਾਲੀ ਆਗੂ ਸ਼ਰਨਜੀਤ ਸਿੰਘ ਢਿੱਲੋਂ ਤੋਂ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿੰਨੋਂ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਜਨਮੇਜਾ ਸਿੰਘ ਸੇਖੋਂ ਤੇ ਸ਼ਰਨਜੀਤ ਸਿੰਘ ਢਿੱਲੋਂ ਤੇ ਦੋਹਾਂ ਦੇ ਨਿੱਜੀ ਸਹਾਇਕਾਂ ਕੋਲੋਂ ਪੁੱਛਗਿਛ ਮਗਰੋਂ ਸਾਰੇ ਵਿਅਕਤੀਆਂ ਦੇ ਬਿਆਨਾਂ ਤੇ ਦਸਤਾਵੇਜ਼ਾਂ ਨੂੰ ਘੋਖਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।