Site icon TheUnmute.com

ਇਜਲਾਸ ਵਿੱਚ ਮੇਰੇ ‘ਤੇ ਦੋਸ਼ ਲਾਉਣ ਤੋਂ ਸਿਵਾਏ ਤੁਸੀਂ ਹੋਰ ਕੀ ਕੀਤਾ-ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸਪੱਸ਼ਟ ਕਰਨ ਲਈ ਆਖਿਆ

Election Results

ਚੰਡੀਗੜ੍ਹ, 26 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ‘ਚ ਉਨ੍ਹਾਂ ‘ਤੇ ਦੋਸ਼ ਲਾਉਣ ਤੋਂ ਇਲਾਵਾ ਇਸ ਵਿੱਚ ਹੋਰ ਕੀ ਕੀਤਾ ਗਿਆ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਵਿਸ਼ੇਸ਼ ਤੌਰ ‘ਤੇ ਬੁਲਾਏ ਗਏ ਇਜਲਾਸ ਨੂੰ ਸਿਰਫ਼ ਉਨ੍ਹਾਂ ਦੀ ਨਿੰਦਾ ਕਰਨ ਲਈ ਇੱਕ ਮੰਚ ਵਜੋਂ ਵਰਤਿਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸਮਝ ਨਹੀਂ ਆਉਂਦੀ ਕਿ ਪਵਿੱਤਰ ਗੁਰਬਾਣੀ ਦੇ ਮੁਫ਼ਤ ਪ੍ਰਸਾਰਣ ਦਾ ਮੁੱਦਾ ਇਜਲਾਸ ਵਿੱਚ ਕਿੱਥੇ ਗੁਆਚ ਗਿਆ ਅਤੇ ਇਸ ਨੂੰ ਉਭਾਰਿਆ ਕਿਉਂ ਨੀ ਗਿਆ। ਉਨ੍ਹਾਂ ਕਿਹਾ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ‘ਤੇ ਰਾਜ ਕਰ ਰਹੇ ਪਰਿਵਾਰ ਨੂੰ ਬਚਾਉਣ ਲਈ ਆਗੂਆਂ ਦੇ ਇਕੱਠ ਤੋਂ ਵੱਧ ਕੁਝ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਸਿਰਫ਼ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਚੱਲ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁੱਖ ਬੁਲਾਰੇ ਵਜੋਂ ਵਿਚਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ (SGPC) ਦਾ ਇਜਲਾਸ ਪਵਿੱਤਰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਨਾਲ ਜੁੜੇ ਸੰਜੀਦਾ ਮੁੱਦੇ ’ਤੇ ਵਿਚਾਰ ਕਰਨ ਦੀ ਬਜਾਏ ਸਿਰਫ਼ ਨਿੰਦਾ-ਚੁਗਲੀ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਲੋਕ ਸਭ ਜਾਣਦੇ ਹਨ ਅਤੇ ਉਨ੍ਹਾਂ ਨੂੰ ਭਲੀ ਭਾਂਤ ਪਤਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਧਾਨ ਕਿਵੇਂ ਅਕਾਲੀ ਦਲ ਵਿਚ ਇਕ ਪਰਿਵਾਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੇ ਹਨ।

Exit mobile version