ਚੰਡੀਗੜ੍ਹ, 05 ਜੂਨ 2023: ਫ਼ਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ (Kikki Dhillon) ਨੇ ਫ਼ਰੀਦਕੋਟ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਢਿੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹੈ ਅਤੇ ਇਸੇ ਮਾਮਲੇ ‘ਚ 7 ਜੂਨ ਨੂੰ ਪੇਸ਼ ਹੋਣਾ ਹੈ। ਕਿੱਕੀ ਢਿੱਲੋਂ ਇਹਨੀਂ ਦਿਨੀਂ ਨਾਭਾ ਜੇਲ੍ਹ ਵਿਚ ਬੰਦ ਹਨ।
ਕਿੱਕੀ ਢਿੱਲੋਂ (Kikki Dhillon) ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 16 ਮਈ ਨੂੰ ਫਿਰੋਜ਼ਪੁਰ ਵਿਜੀਲੈਂਸ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਉਸ ਨੂੰ 17 ਮਈ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕਰਕੇ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਅਤੇ ਅਦਾਲਤ ਨੇ 5 ਦਿਨ ਦਾ ਰਿਮਾਂਡ ਦਿੱਤਾ। ਪੰਜ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਕਿੱਕੀ ਢਿੱਲੋਂ ਨੂੰ ਮੁੜ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ 24 ਮਈ ਨੂੰ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ। ਹੁਣ ਉਨ੍ਹਾਂ ਵੱਲੋਂ ਆਪਣੀ ਜ਼ਮਾਨਤ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਜਾ ਸਕਦੀ ਹੈ।